ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਜੂਨ
ਹਵਾਰਾ ਕਮੇਟੀ ਨੇ ਕਸ਼ਮੀਰ ਵਾਦੀ ਵਿੱਚ ਇਕ ਸਿੱਖ ਲੜਕੀ ਨਾਲ ਧੱਕੇਸ਼ਾਹੀ ਕਰਦਿਆਂ ਉਸ ਨੂੰ ਅਗ਼ਵਾ ਕਰਕੇ ਜਬਰੀ ਨਿਕਾਹ ਕਰਨ ਦੇ ਮਾਮਲੇ ’ਤੇ ਡੂੰਘੀ ਸਾਜ਼ਿਸ਼ ਦਾ ਦੋਸ਼ ਲਾਇਆ ਹੈ। ਹਵਾਰਾ ਕਮੇਟੀ ਦੇ ਆਗੂ ਪ੍ਰੋ. ਬਲਜਿੰਦਰ ਸਿੰਘ, ਐਡਵੋਕੇਟ ਅਮਰ ਸਿੰਘ ਚਾਹਲ, ਬਾਪੂ ਗੁਰਚਰਨ ਸਿੰਘ, ਮਹਾਬੀਰ ਸਿੰਘ ਸੁਲਤਾਨਵਿੰਡ ਅਤੇ ਐਡਵੋਕੇਟ ਦਿਲਸ਼ੇਰ ਸਿੰਘ ਜੰਡਿਆਲਾ ਨੇ ਕਿਹਾ ਕਿ ਸਿੱਖ ਲੜਕੀ ਨੂੰ ਅਗ਼ਵਾ ਕਰਕੇ ਨਿਕਾਹ ਕਰਨ ਅਤੇ ਅਦਾਲਤ ਵਿੱਚ ਪੇਸ਼ ਕਰਨ ਤੱਕ ਪੂਰੀ ਕਾਰਵਾਈ ਵਿੱਚ ਲੜਕੀ ਦੇ ਪਰਿਵਾਰ ਨੂੰ ਪ੍ਰਸ਼ਾਸਨ ਅਤੇ ਅਦਾਲਤ ਤੋਂ ਦੂਰ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਸਿੱਖ ਆਗੂਆਂ ਨੇ ਕਿਹਾ ਕਿ ਮੁਸਲਿਮ ਭਾਈਚਾਰੇ ਦੀ ਸਿੱਖਾਂ ਨਾਲ ਵਧ ਰਹੀ ਸਾਂਝ ਕਈ ਸਰਕਾਰੀ ਅਤੇ ਗੈਰਸਰਕਾਰੀ ਧਿਰਾਂ ਨੂੰ ਹਜ਼ਮ ਨਹੀਂ ਹੋ ਰਹੀ ਹੈ। ਆਗੂਆਂ ਨੇ ਕਿਹਾ ਕਿ ਸਿੱਖ ਵੋਟਰਾਂ ਨੂੰ ਮੁਸਲਿਮ ਭਾਈਚਾਰੇ ਵੱਲ ਜਾਣ ਤੋਂ ਰੋਕਣ ਦੇ ਮੰਤਵ ਨਾਲ ਇਸ ਘਟਨਾ ਨੂੰ ਅੰਜਾਮ ਦੇਣ ਦੀ ਸੰਭਾਵਨਾ ਨੂੰ ਨਕਾਰਿਆ ਨਹੀਂ ਜਾ ਸਕਦਾ। ਹਵਾਰਾ ਕਮੇਟੀ ਨੇ ਜੰਮੂ ਤੇ ਕਸ਼ਮੀਰ ਦੇ ਸਿੱਖਾਂ ਨੂੰ ਆਪਣੇ ਸਮਾਜਿਕ, ਧਾਰਮਿਕ ਅਤੇ ਰਾਜਸੀ ਹੱਕਾਂ ਦੀ ਰੱਖਿਆ ਕਰਨ ਲਈ ਜਥੇਬੰਦਕ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ।
ਸਰਨਾ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਤੁਰੰਤ ਕਾਰਵਾਈ ਦੀ ਅਪੀਲ
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਵੀ ਇਸ ਮਾਮਲੇ ਦੀ ਨਿਖੇਧੀ ਕਰਦਿਆਂ ਕਸ਼ਮੀਰ ਪ੍ਰਸ਼ਾਸਨ ਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਕਾਰਵਾਈ ਕਰਕੇ ਸਿੱਖ ਭਾਈਚਾਰੇ ਨੂੰ ਇਨਸਾਫ ਦਿਵਾਉਣ। ਉਨ੍ਹਾਂ ਕਿਹਾ ਕਿ ਇਸ ਘਟਨਾ ਕਾਰਨ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ ਤੇ ਕਸ਼ਮੀਰ ਦੇ ਧਾਰਮਿਕ, ਸਿਆਸੀ ਤੇ ਸਮਾਜਿਕ ਆਗੂਆਂ ਨੂੰ ਚਾਹੀਦਾ ਹੈ ਕਿ ਉਹ ਆਪਸੀ ਸਦਭਾਵਨਾ ਕਾਇਮ ਰੱਖਦਿਆਂ ਪੂਰੀ ਘਟਨਾ ਦੀ ਜਾਂਚ ਪੜਤਾਲ ਕਰਕੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਨੂੰ ਯਕੀਨੀ ਬਣਾਉਣ।