ਹਿਮਾਂਸ਼ੂ ਸੂਦ
ਮੰਡੀ ਗੋਬਿੰਦਗੜ੍ਹ, 19 ਅਗਸਤ
ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 23 ਦੇ ਰਿਹਾਇਸ਼ੀ ਇਲਾਕੇ ਵਿੱਚ ਸ਼ਰਾਬ ਦਾ ਠੇਕਾ ਖੋਲ੍ਹਣ ਦਾ ਵਿਰੋਧ ਕਰਦਿਆਂ ਮੁਹੱਲਾ ਵਾਸੀਆਂ ਵੱਲੋਂ ਠੇਕਾ ਮਾਲਕਾਂ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਠੇਕਾ ਹਟਾਉਣ ਦੀ ਮੰਗ ਕਰਦਿਆਂ ਸਥਾਨਕ ਵਾਸੀਆਂ ਨੇ ਕਿਹਾ ਕਿ ਰਿਹਾਇਸ਼ੀ ਇਲਾਕੇ ਵਿਚ ਖੁੱਲ੍ਹੇ ਇਸ ਠੇਕੇ ’ਤੇ ਪਰਵਾਸੀ ਮਜ਼ਦੂਰ ਸ਼ਰਾਬ ਪੀ ਕੇ ਹੁੱਲੜਬਾਜ਼ੀ ਅਤੇ ਗਾਲੀ-ਗਲੋਚ ਕਰਦੇ ਹਨ, ਜਿਸ ਕਾਰਨ ਰਿਹਾਇਸ਼ੀ ਇਲਾਕੇ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਇਲਾਕੇ ਵਿੱਚ ਬੱਚੇ ਅਤੇ ਔਰਤਾਂ ਸਕੂਲ ਆਉਂਦੇ-ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਇਲਾਕੇ ਵਿੱਚ ਸ਼ਰਾਬ ਦਾ ਠੇਕਾ ਖੋਲ੍ਹਿਆ ਜਾ ਰਿਹਾ ਸੀ ਪਰ ਲੋਕਾਂ ਨੇ ਇਸ ਦਾ ਵਿਰੋਧ ਕੀਤਾ ਸੀ, ਪਰ ਹੁਣ ਠੇਕਾ ਮਾਲਕਾਂ ਨੇ ਜਗ੍ਹਾ ਬਦਲ ਕੇ ਰਿਹਾਇਸ਼ੀ ਇਲਾਕੇ ਵਿਚ ਠੇਕਾ ਖੋਲ੍ਹ ਦਿੱਤਾ ਹੈ। ਇਲਾਕੇ ਦੇ ਕੌਂਸਲਰ ਰਾਜਿੰਦਰ ਬਿੱਟੂ ਨੇ ਦੱਸਿਆ ਕਿ ਠੇਕਾ ਬੰਦ ਕਰਨ ਨੂੰ ਲੈ ਕੇ ਜ਼ਿਲ੍ਹੇ ਦੇ ਐਕਸਾਈਜ਼ ਐਂਡ ਟੈਕਸੈਸ਼ਨ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ ਸੀ, ਜਿਸ ’ਤੇ ਕਾਰਵਾਈ ਕਰਦਿਆਂ ਪ੍ਰਸਾਸ਼ਨ ਨੇ ਠੇਕਾ ਪੂਰਨ ਤੌਰ ’ਤੇ ਬੰਦ ਕਰਵਾ ਦਿੱਤਾ।