ਪੱਤਰ ਪ੍ਰੇਰਕ
ਹੁਸ਼ਿਆਰਪੁਰ, 5 ਜੁਲਾਈ
ਸਿੱਖ ਜਥੇਬੰਦੀ ਦਲ ਖਾਲਸਾ ਨੇ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਬਠਿੰਡਾ ਵੱਲੋਂ ਪੀਆਰਟੀਸੀ ਬੱਸਾਂ ਤੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਭਾਈ ਜਗਤਾਰ ਸਿੰਘ ਹਵਾਰਾ ਦੀਆਂ ਤਸਵੀਰਾਂ ਨੂੰ ਉਤਰਵਾਉਣ ਦਾ ਸਖ਼ਤ ਨੋਟਿਸ ਲਿਆ ਹੈ। ਦਲ ਖਾਲਸਾ ਦੇ ਸੀਨੀਅਰ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਅੱਜ ਪੀਆਰਟੀਸੀ ਦੇ ਜ਼ੋਨਲ ਮੈਨੇਜਰ ਨੂੰ ਇਸ ਕਾਰਵਾਈ ਨੂੰ ਤੁਰੰਤ ਰੋਕਣ ਦੀ ਮੰਗ ਕੀਤੀ।
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲ ਖਾਲਸਾ ਦੇ ਆਗੂਆਂ ਨੇ ਦੱਸਿਆ ਕਿ ਜਥੇਬੰਦੀ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸਪੱਸ਼ਟ ਕੀਤਾ ਹੈ ਕਿ ਜੇਕਰ 7 ਜੁਲਾਈ ਤੱਕ ਤਸਵੀਰਾਂ ਉਤਰਵਾਉਣ ਦੇ ਅਮਲ ਨੂੰ ਨਾ ਰੋਕਿਆ ਗਿਆ ਤਾਂ ਅਗਲੇ ਦਿਨ ਹਰੇਕ ਸਰਕਾਰੀ ਬੱਸ ’ਤੇ ਸੰਤ ਜਰਨੈਲ ਸਿੰਘ ਅਤੇ ਭਾਈ ਹਵਾਰਾ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਟਰਾਂਸਪੋਰਟੇਸ਼ਨ ਨੂੰ ਠੱਪ ਕਰਨ ਦੀ ਜ਼ਰੂਰਤ ਪਈ ਤਾਂ ਵੀ ਉਹ ਪਿੱਛੇ ਨਹੀਂ ਹਟਣਗੇ। ਦਲ ਖਾਲਸਾ ਦੇ ਬੁਲਾਰੇ ਪਰਮਜੀਤ ਸਿੰਘ ਮੰਡ ਅਤੇ ਸਿੱਖ ਯੂਥ ਆਫ਼ ਪੰਜਾਬ ਦੇ ਪ੍ਰਧਾਨ ਗੁਰਨਾਮ ਸਿੰਘ ਮੂਨਕਾਂ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਸਿੱਖ ਕੌਮ ਦੇ ਸ਼ਹੀਦ ਹਨ ਅਤੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਸਤਿਕਾਰਯੋਗ ਸ਼ਖ਼ਸੀਅਤ ਹਨ, ਜਿਨ੍ਹਾਂ ਨੇ ਪੰਜਾਬ ਅਤੇ ਪੰਥ ਦੇ ਹੱਕਾਂ ਖ਼ਾਤਰ ਆਪਣੀਆਂ ਜ਼ਿੰਦਗੀਆਂ ਦਾਅ ’ਤੇ ਲਗਾ ਦਿੱਤੀਆਂ। ਸਿੱਖ ਕੌਮ ਇਨ੍ਹਾਂ ਦੇ ਨਿਰਾਦਰ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਉੱਚ ਅਧਿਕਾਰੀਆਂ ਵੱਲੋਂ ਨੋਟੀਫਿਕੇਸ਼ਨਾਂ ਰਾਹੀਂ ਡਰਾਈਵਰਾਂ ਤੇ ਕੰਡਕਟਰਾਂ ਨੂੰ ਧਮਕਾਉਣ ਦੇ ਦੋਸ਼ ਲਗਾਏ।