ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਅਗਸਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਫ਼ਲ ਤੇ ਸਬਜ਼ੀਆਂ ਦੀਆਂ ਪ੍ਰਚੂਨ ਮੰਡੀਆਂ ’ਚ ਰੇਹੜੀ-ਫੜ੍ਹੀ ਲਾਉਣ ਵਾਲਿਆਂ ਨੂੰ ਵਰਤੋਂ ਦਰਾਂ (ਯੂਜ਼ਰ ਚਾਰਜਿਜ਼) ਵਿੱਚ ਮੌਜੂਦਾ ਵਿੱਤੀ ਸਾਲ ਦੇ ਬਾਕੀ ਰਹਿੰਦੇ 7 ਮਹੀਨਿਆਂ ਲਈ ਛੋਟ ਦੇਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਇਹ ਫ਼ੈਸਲਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਵੱਲੋਂ ਉਠਾਏ ਗਏ ਮਾਮਲੇ ਮਗਰੋਂ ਲਿਆ, ਜਿਨ੍ਹਾਂ ਮੁੱਖ ਮੰਤਰੀ ਨਾਲ ਅੱਜ ਬਾਅਦ ਦੁਪਹਿਰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਸੀ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ ਰੇਹੜੀ-ਫੜ੍ਹੀ ਵਾਲਿਆਂ ਲਈ ਪਹਿਲੀ ਸਤੰਬਰ 2021 ਤੋਂ 31 ਮਾਰਚ 2022 ਤੱਕ ਵਰਤੋਂ ਦਰਾਂ ਤੋਂ ਛੋਟ ਦੇਣ ਦਾ ਫ਼ੈਸਲਾ ਲਿਆ ਹੈ। ਚੇਅਰਮੈਨ ਨੇ ਦੱਸਿਆ ਕਿ ਰੇਹੜੀ-ਫੜ੍ਹੀ ਵਾਲਿਆਂ ਨੂੰ ਲੋੜੀਂਦੀ ਰਾਹਤ ਦੇਣ ਨਾਲ ਮੰਡੀ ਬੋਰਡ ਦੇ ਖ਼ਜ਼ਾਨੇ ’ਤੇ ਤਕਰੀਬਨ 12 ਕਰੋੜ ਰੁਪਏ ਦਾ ਬੋਝ ਪਵੇਗਾ।