ਨਿੱਜੀ ਪੱਤਰ ਪ੍ਰੇਰਕ
ਜਲੰਧਰ, 17 ਜੁਲਾਈ
ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਧਰਤੀ ਹੇਠਲੇ ਡੂੰਘੇ ਹੁੰਦੇ ਜਾ ਰਹੇ ਪਾਣੀਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਗੰਭੀਰ ਮੁੱਦੇ ’ਤੇ ਚਿੰਤਨ ਕਰਨ ਲਈ 5 ਅਗਸਤ ਨੂੰ ਮੁਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਵੱਡਾ ਇਕੱਠ ਸੱਦਿਆ ਹੈ। ਇੱਥੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬੀਕੇਯੂ( ਰਾਜੇਵਾਲ ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਆਲ ਇੰਡੀਆ ਕਿਸਾਨ ਫੈਡਰੇਸ਼ਨ ਦੇ ਆਗੂ ਪ੍ਰੇਮ ਸਿੰਘ ਭੰਗੂ ਐਡਵੋਕੇਟ, ਬੀਕੇਯੂ ਮਾਨਸਾ ਦੇ ਆਗੂ ਬੋਘ ਸਿੰਘ ਮਾਨਸਾ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਕੰਵਲਜੀਤ ਸਿੰਘ ਪੰਨੂੰ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਹਰਜਿੰਦਰ ਸਿੰਘ ਟਾਂਡਾ ਨੇ ਕਿਹਾ ਕਿ 5 ਅਗਸਤ ਨੂੰ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਵਿਖੇ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਉੱਥੋਂ ਪੰਜਾਬ ਸਰਕਾਰ ਨੂੰ ਨੋਟਿਸ ਦੇ ਕੇ ਮੰਗ ਕੀਤੀ ਜਾਵੇਗੀ ਕਿ ਉਹ ਪੰਜਾਬ ਦੇ ਹਰ ਖੇਤ ਨੂੰ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਵੇ ਅਤੇ ਡੈਮ ਸੁਰੱਖਿਆ ਐਕਟ ਦਾ ਵਿਰੋਧ ਕਰੇ। ਕਿਸਾਨ ਆਗੂਆਂ ਨੇ ਕਿਹਾ ਕਿ ਇੱਕ ਨੋਟਿਸ ਕੇਂਦਰ ਸਰਕਾਰ ਨੂੰ ਦਿੱਤਾ ਜਾਵੇਗਾ ਅਤੇ ਮੰਗ ਕੀਤੀ ਜਾਵੇਗੀ ਕਿ ਪਾਣੀ ਰਾਜਾਂ ਦਾ ਵਿਸ਼ਾ ਹੈ। ਸਾਡਾ ਪਾਣੀ ਸਾਡੇ ਹਵਾਲੇ ਕੀਤਾ ਜਾਵੇ। ਇਹ ਪੰਜਾਬ ਅਤੇ ਹਰਿਆਣਾ ਦੇ ਲੋਕ ਤੈਅ ਕਰਨਗੇ ਕਿ ਉਨ੍ਹਾਂ ਨੇ ਆਪਣਾ ਪਾਣੀ ਕਿਵੇਂ ਵੰਡਣਾ ਹੈ ਤੇ ਵਾਧੂ ਪਾਣੀ ਕਿਸ ਨੂੰ ਕਿਸ ਭਾਅ ਵੇਚਣਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਇਸ ਵਿਸ਼ੇ ਵਿੱਚੋਂ ਆਪਣਾ ਹੱਥ ਬਾਹਰ ਕੱਢੇ। ਕਿਸਾਨ ਆਗੂਆਂ ਨੇ ਕਿਹਾ, ‘‘ਦੇਸ਼ ਅਤੇ ਪੰਜਾਬ ਦੇ ਸਿਆਸੀ ਆਗੂਆਂ ਨੇ ਸਾਡੇ ਦਰਿਆਈ ਪਾਣੀਆਂ ਨੂੰ ਆਪਣੇ ਸਿਆਸੀ ਹਿੱਤਾਂ ਲਈ ਵੇਚਣਾ ਸ਼ੁਰੂ ਕੀਤਾ ਹੋਇਆ ਹੈ। ਸਿੱਟੇ ਵਜੋਂ ਅੱਜ ਪੰਜਾਬ ਇਸ ਗੱਲੋਂ ਚਿੰਤਤ ਹੈ ਕਿ ਕੀ ਪੰਜਾਬ ਬਹੁਤ ਜਲਦੀ ਬੰਜਰ ਹੋ ਜਾਵੇਗਾ? ਜੇਕਰ ਲੋਕ ਇਸੇ ਤਰ੍ਹਾਂ ਅਵੇਸਲੇ ਰਹੇ ਤਾਂ ਸੱਚਮੁੱਚ ਪੰਜਾਬ ਉਜੜ ਜਾਵੇਗਾ।