ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਨਵੰਬਰ
ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪਾਕਿਸਤਾਨ ਦੀ ਪੰਜਾਬ ਸਰਕਾਰ ਵੱਲੋਂ ਭਗਤ ਸਿੰਘ ਨੂੰ ਅਪਰਾਧੀ ਤੇ ਅਤਿਵਾਦੀ ਕਹਿਣ ਦੀ ਨਿਖੇਧੀ ਕੀਤੀ ਹੈ। ਇਸ ਮਾਮਲੇ ’ਤੇ ਸ੍ਰੀ ਕੰਗ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਕਰੋੜਾਂ ਲੋਕਾਂ ਦੇ ਰੋਲ ਮਾਡਲ ਹਨ। ਭਾਰਤ ਤੇ ਪਾਕਿਸਤਾਨ ਵਿੱਚ ਕਰੋੜਾਂ ਲੋਕ ਭਗਤ ਸਿੰਘ ਦੇ ਦਿਖਾਏ ਰਾਹ ’ਤੇ ਚੱਲਦੇ ਹਨ, ਇਸ ਦੇ ਬਾਵਜੂਦ ਲਹਿੰਦੇ ਪੰਜਾਬ ਦੀ ਸਰਕਾਰ ਵੱਲੋਂ ਹਾਈ ਕੋਰਟ ਵਿੱਚ ਸ਼ਹੀਦ ਭਗਤ ਸਿੰਘ ਨੂੰ ਅਪਰਾਧੀ ਕਹਿਣਾ ਗਲਤ ਹੈ ਅਤੇ ਚੜ੍ਹਦੇ ਪੰਜਾਬ ਦੇ ਲੋਕ ਭਗਤ ਸਿੰਘ ਦਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਨੇ ਇਸ ਮਾਮਲੇ ’ਤੇ ਭਾਰਤ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਮੰਗ ਕੀਤੀ। ‘ਆਪ’ ਦੇ ਬੁਲਾਰੇ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਭਗਤ ਸਿੰਘ ਨੂੰ ਅਪਰਾਧੀ ਜਾਂ ਅਤਿਵਾਦੀ ਕਹਿਣ ਦੇ ਮਸਲੇ ’ਤੇ ਪਾਕਿਸਤਾਨ ਤੋਂ ਜਵਾਬ ਮੰਗਣਾ ਚਾਹੀਦਾ ਹੈ।
ਸ਼ਹੀਦ ਭਗਤ ਸਿੰਘ ਨੂੰ ਅਪਰਾਧੀ ਕਹਿਣ ਦੀ ਬਡੂੰਗਰ ਵੱਲੋਂ ਨਿੰਦਾ
ਪਟਿਆਲਾ (ਖੇਤਰੀ ਪ੍ਰਤੀਨਿਧ):
ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪਾਕਿਸਤਾਨ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਅਪਰਾਧੀ ਕਰਾਰ ਦਿੱਤੇ ਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਅੱਜ ਪਾਕਿਸਤਾਨ ਦੀ ਆਜ਼ਾਦ ਹੋਂਦ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਸਿੰਘ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ ਵਰਗੇ ਸ਼ਹੀਦਾਂ ਦੀ ਬਦੌਲਤ ਹੀ ਹੈ ਜਿਨ੍ਹਾਂ ਨੇ ਆਪਣੀਆਂ ਜਾਨਾਂ ਵਾਰ ਕੇ ਦੇਸ਼ ਨੂੰ ਅੰਗਰੇਜ਼ੀ ਹਕੂਮਤ ਤੋਂ ਆਜ਼ਾਦ ਕਰਵਾਇਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਸ਼ਾਦਮਾਨ ਚੌਕ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣਾ ਚਾਹੀਦਾ ਹੈ।