ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ
ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 2 ਲੱਖ 28 ਹਜ਼ਾਰ 450 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ’ਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 2 ਲੱਖ 28 ਹਜ਼ਾਰ 333 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਜਨਰਲ ਮੈਨੇਜਰ ਮੁਕੇਸ਼ ਜੁਨੇਜਾ ਨੇ ਸਰਹਿੰਦ ਮੰਡੀ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਝੋਨੇ ਦੀ ਲਿਫਟਿੰਗ ’ਚ ਹੋਰ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਦੀਆਂ ਸਾਰੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਸਰਕਾਰ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਸਬਸਿਡੀ ’ਤੇ ਦਿੱਤੀ ਜਾ ਰਹੀ ਖੇਤੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਹਾ ਲੈਣ ਤਾਂ ਜੋ ਵਾਤਾਵਰਨ ਪ੍ਰਦੂਸ਼ਣ ’ਤੇ ਠੱਲ੍ਹ ਪਾਈ ਜਾ ਸਕੇ।
ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ
ਐੱਸ.ਏ.ਐੱਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਨੇ ਨੇੜਲੇ ਪਿੰਡ ਸਨੇਟਾ ਸਮੇਤ ਹੋਰਨਾਂ ਮੰਡੀਆਂ ਦਾ ਦੌਰਾ ਕਰ ਕੇ ਝੋਨੇ ਦੀ ਸਰਕਾਰੀ ਖ਼ਰੀਦ, ਲਿਫ਼ਟਿੰਗ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਦੱਸਿਆ ਕਿ ਸਾਰੀਆਂ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦਾ ਕੰਮ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਾਲੋਂ-ਨਾਲ ਅਦਾਇਗੀ ਵੀ ਕੀਤੀ ਜਾ ਰਹੀ ਹੈ।