ਚਰਨਜੀਤ ਭੁੱਲਰ
ਚੰਡੀਗੜ੍ਹ, 18 ਅਕਤੂਬਰ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਦੇ ‘ਆਪ’ ਅਤੇ ਭਾਜਪਾ ਦੇ ਦੋ ਦਰਜਨ ਨੇਤਾਵਾਂ ਦੇ ਘਰਾਂ ਤੇ ਦਫ਼ਤਰਾਂ ਦੇ ਅੱਗੇ ਪੱਕੇ ਮੋਰਚੇ ਸ਼ੁਰੂ ਕਰ ਦਿੱਤੇ ਹਨ। ਅੱਜ ਯੂਨੀਅਨ ਨੇ ਸੂਬੇ ਦੇ 12 ਜ਼ਿਲ੍ਹਿਆਂ ’ਚ 17 ਵਿਧਾਇਕਾਂ, ਛੇ ਵਜ਼ੀਰਾਂ ਤੇ 2 ਭਾਜਪਾ ਨੇਤਾਵਾਂ ਦੇ ਘਰਾਂ ਅੱਗੇ ਮੋਰਚੇ ਲਾ ਦਿੱਤੇ ਹਨ। ਜਦਕਿ 19 ਅਕਤੂਬਰ ਨੂੰ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਦੀ ਪਟਿਆਲਾ ਸਥਿਤ ਰਿਹਾਇਸ਼ ਸਮੇਤ ਭਾਜਪਾ ਦੇ ਪੰਜਾਬ ਵਿਚਲੇ ਪ੍ਰੁਮੱਖ ਨੇਤਾਵਾਂ ਦੇ ਘਰਾਂ ਅੱਗੇ ਵੀ ਪੱਕੇ ਮੋਰਚੇ ਲਾਏ ਜਾਣਗੇ। ਇਸੇ ਤਰ੍ਹਾਂ ਯੂਨੀਅਨ ਵੱਲੋਂ 25 ਪਰਚੀ ਮੁਕਤ ਟੌਲ ਪਲਾਜ਼ਿਆਂ ’ਤੇ ਵੀ ਮੋਰਚੇ ਲਾਏ ਗਏ ਹਨ। ਕਿਸਾਨਾਂ ਨੇ ਨੇਤਾਵਾਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਕੱਲ੍ਹ ਤੋਂ ਸੰਘਰਸ਼ ਸ਼ੁਰੂ ਕੀਤਾ ਗਿਆ ਹੈ ਅਤੇ ਕਰੀਬ 50 ਥਾਵਾਂ ’ਤੇ ਮੋਰਚੇ ਚੱਲ ਰਹੇ ਹਨ ਜੋ ਹਾਲੇ ਜਾਰੀ ਰੱਖੇ ਜਾਣਗੇ। ਇਨ੍ਹਾਂ ਮੋਰਚਿਆਂ ਵਿੱਚ ਔਰਤਾਂ ਤੇ ਨੌਜਵਾਨਾਂ ਤੋਂ ਇਲਾਵਾ ਮਜ਼ਦੂਰਾਂ ਦੀ ਸ਼ਮੂਲੀਅਤ ਹੈ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਣਗੀਆਂ, ਇਹ ਮੋਰਚੇ ਜਾਰੀ ਰਹਿਣਗੇ। ਸੂਬੇ ਵਿੱਚ ਅੱਜ ਇਨ੍ਹਾਂ ਮੋਰਚਿਆਂ ’ਚ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ ਅਤੇ ਕੁਲਦੀਪ ਕੌਰ ਕੁੱਸਾ ਤੋਂ ਇਲਾਵਾ ਜ਼ਿਲ੍ਹਾ ਬਲਾਕ ਪੱਧਰ ਦੇ ਆਗੂਆਂ ਨੇ ਸੰਬੋਧਨ ਕੀਤਾ। ਆਗੂਆਂ ਦੀ ਮੰਗ ਸੀ ਕਿ ਕਿਸਾਨਾਂ ਦੀ ਮੰਡੀਆਂ ਵਿਚ ਖੱਜਲ-ਖੁਆਰੀ ਰੋਕੀ ਜਾਵੇ ਅਤੇ ਬਿਨਾਂ ਕਿਸੇ ਦੇਰੀ ਤੋਂ ਫ਼ਸਲ ਖ਼ਰੀਦ ਕੀਤੀ ਜਾਵੇਗੀ, ਜੋ ਫ਼ਸਲ ਘੱਟੋ ਘੱਟ ਸਮਰਥਨ ਮੁੱਲ ਤੋਂ ਹੇਠਾਂ ਵਿਕੀ ਹੈ, ਉਸ ਦੀ ਸੂਬਾ ਸਰਕਾਰ ਭਰਪਾਈ ਕਰੇ ਅਤੇ ਉਨ੍ਹਾਂ ਦੀਆਂ ਹੋਰ ਮੰਗਾਂ ਮੰਨੀਆਂ ਜਾਣ। ਕਿਸਾਨ ਆਗੂਆਂ ਨੇ ਅੱਜ ਮੁੱਖ ਮੰਤਰੀ ਦੀ ਕੋਠੀ ਅੱਗੇ ਚੰਡੀਗੜ੍ਹ ਧਰਨਾ ਲਾਉਣ ਜਾ ਰਹੇ 32 ਜਥੇਬੰਦੀਆਂ ਦੇ ਕਿਸਾਨ ਆਗੂਆਂ ਨਾਲ ਪੁਲੀਸ ਵੱਲੋਂ ਕੀਤੀ ਗਈ ਧੱਕੇਸ਼ਾਹੀ ਅਤੇ ਗ੍ਰਿਫ਼ਤਾਰੀਆਂ ਦੀ ਨਿਖੇਧੀ ਕੀਤੀ ਅਤੇ ਗ੍ਰਿਫ਼ਤਾਰ ਆਗੂਆਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ। ਅੱਜ ਕਈ ਥਾਵਾਂ ’ਤੇ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਪੰਜਾਬ ਦੇ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਇਸ ਜਥੇਬੰਦੀ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਅਤੇ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ।
ਖੇਤ ਮਜ਼ਦੂਰਾਂ ਵੱਲੋਂ ਸੰਘਰਸ਼ ਦੀ ਹਮਾਇਤ
ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਹੈ। ਆਗੂਆਂ ਨੇ ਅੱਜ ਚੰਡੀਗੜ੍ਹ ’ਚ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਜਾ ਰਹੇ ਕਿਸਾਨਾਂ ਨੂੰ ਪੁਲੀਸ ਵੱਲੋਂ ਰੋਕੇ ਜਾਣ ਨੂੰ ਤਾਨਾਸ਼ਾਹੀ ਕਰਾਰ ਦਿੰਦਿਆਂ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ।