ਕਰਮਜੀਤ ਸਿੰਘ ਚਿੱਲਾ
ਐਸਏਐਸ ਨਗਰ (ਮੁਹਾਲੀ), 13 ਅਗਸਤ
ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੇ ਪੈਨਸ਼ਨਰਾਂ ਨੇ ਅੱਜ ਇੱਥੋਂ ਦੇ ਫੇਜ਼-8 ਦੇ ਵਿਕਾਸ ਭਵਨ ਵਿਚਲੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੀ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਕੌਰ ਬਾਠ, ਜਨਰਲ ਸਕੱਤਰ ਗੁਰਮੀਤ ਸਿੰਘ ਭਾਂਖਰਪੁਰ, ਮੀਤ ਪ੍ਰਧਾਨ ਲਛਮਣ ਸਿੰਘ ਗਰੇਵਾਲ, ਸਕੱਤਰ ਜਗੀਰ ਸਿੰਘ ਢਿੱਲੋਂ ਹੰਸਾਲਾ, ਸਰਬਜੀਤ ਸਿੰਘ, ਥਾਣਾ ਸਿੰਘ, ਜੋਗਿੰਦਰ ਸਿੰਘ, ਬਲਵਿੰਦਰ ਸਿੰਘ, ਮਹਿੰਦਰ ਸਿੰਘ, ਨਰਿੰਦਰ ਕੌਰ ਨੇ ਕਿਹਾ ਕਿ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨੂੰ ਕਦੇ ਵੀ ਸਮੇਂ ਸਿਰ ਪੈਨਸ਼ਨ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਅੱਧਾ ਅਗਸਤ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਨੂੰ ਜੁਲਾਈ ਮਹੀਨੇ ਦੀ ਪੈਨਸ਼ਨ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਤਿੰਨ ਸਾਲਾਂ ਬਾਅਦ ਅਧੂਰੀ ਲਾਗੂ ਕੀਤੀ ਗਈ ਹੈ। ਬਹੁਤ ਸਾਰੇ ਪੈਨਸ਼ਨਰਾਂ ਨੂੰ ਪੇਅ ਗਰੇਡ ਹੁਣ ਤੱਕ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ 10 ਸਤੰਬਰ ਨੂੰ ਮੁੜ ਧਰਨਾ ਲਾਉਣ ਅਤੇ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ 11 ਸਤੰਬਰ ਤੋਂ ਪੱਕਾ ਧਰਨਾ ਲਾਉਣ ਦੀ ਚਿਤਾਵਨੀ ਦਿੱਤੀ।
ਜਲਦੀ ਪੈਨਸ਼ਨ ਖਾਤਿਆਂ ਵਿੱਚ ਭੇਜ ਦਿੱਤੀ ਜਾਵੇਗੀ: ਡਿਪਟੀ ਡਾਇਰੈਕਟਰ
ਧਰਨਾਕਾਰੀਆਂ ਦੇ ਵਫ਼ਦ ਨੇ ਇਸ ਮੌਕੇ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀ ਸਹੋਤਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਵਫ਼ਦ ਨੂੰ ਦੱਸਿਆ ਕਿ ਜੁਲਾਈ ਮਹੀਨੇ ਦੀ ਪੈਨਸ਼ਨ ਦੇ ਬਿੱਲ ਤਿਆਰ ਹੋ ਚੁੱਕੇ ਹਨ। ਡਾਇਰੈਕਟਰ ਦੀ ਪ੍ਰਵਾਨਗੀ ਮਿਲਣ ਉਪਰੰਤ ਜਲਦੀ ਪੈਨਸ਼ਨ ਖਾਤਿਆਂ ਵਿੱਚ ਭੇਜ ਦਿੱਤੀ ਜਾਵੇਗੀ।