ਪੱਤਰ ਪ੍ਰੇਰਕ
ਜ਼ੀਰਾ, 21 ਜੂਨ
ਇਥੇ ਪਿੰਡ ਸਨ੍ਹੇਰ ਦੀ ਪੰਚਾਇਤੀ ਜ਼ਮੀਨ ਵਿੱਚੋਂ ਮਜ਼ਦੂਰਾਂ ਦੇ ਤੀਸਰੇ ਹਿੱਸੇ ਦੀ ਜ਼ਮੀਨ ਦਾ ਮਾਮਲਾ ਲਟਕਦਾ ਜਾ ਰਿਹਾ ਹੈ। ਇਸ ਸਬੰਧੀ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਸੰਦੀਪ ਸਿੰਘ ਪੰਡੋਰੀ ਨੇ ਦੱਸਿਆ ਕਿ ਪਿੰਡ ਦੀ ਪੰਚਾਇਤ ਨੇ ਪਿਛਲੀ ਕਾਂਗਰਸ ਸਰਕਾਰ ਸਮੇਂ ਮਜ਼ਦੂਰਾਂ ਨਾਲ ਪ੍ਰਸ਼ਾਸਨ ਦੀ ਸ਼ਹਿ ’ਤੇ ਧੱਕਾ ਕੀਤਾ ਸੀ। ਉਸੇ ਤਰ੍ਹਾਂ ਹੀ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਵੀ ਪੰਚਾਇਤੀ ਜ਼ਮੀਨ ਵਿੱਚੋਂ ਮਜ਼ਦੂਰਾਂ ਦੇ ਤੀਸਰੇ ਹਿੱਸੇ ਦੀ ਜ਼ਮੀਨ ਉਨ੍ਹਾਂ ਨੂੰ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਆਖਿਆ ਕਿ ਸਵੇਰ ਸਮੇਂ ਗੁਰਦੁਆਰੇ ’ਚ ਬੋਲੀ ਕਰਵਾਉਣ ਸਬੰਧੀ ਅਨਾਊਂਸਮੈਂਟ ਕਰਵਾਈ ਜਾਂਦੀ ਹੈ, ਪਰ ਜਦੋਂ ਪਿੰਡ ਦੇ ਮਜ਼ਦੂਰ ਜ਼ਮੀਨ ਲੈਣ ਲਈ ਇਕੱਠੇ ਹੁੰਦੇ ਹਨ ਤਾਂ ਪਿੰਡ ਦੀ ਪੰਚਾਇਤ ਅਤੇ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਉਨ੍ਹਾਂ ਨੂੰ ਤੀਸਰੇ ਹਿੱਸੇ ਦੀ ਪੰਚਾਇਤੀ ਜ਼ਮੀਨ ਨਾ ਦੇਣ ਦੀ ਨੀਅਤ ਨਾਲ ਵਾਰ-ਵਾਰ ਬੋਲੀ ਰੱਦ ਕੀਤੀ ਜਾਂਦੀ ਹੈ।