ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 1 ਦਸੰਬਰ
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਸਰਪੰਚਾਂ-ਪੰਚਾਂ, ਬਲਾਕ ਸਮਿਤੀ ਮੈਂਬਰਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਦੌਰਾਨ ਸੰਘਰਸ਼ਮਈ ਕਿਸਾਨਾਂ ਦੀ ਹਮਾਇਤ ਕੀਤੀ ਤੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ। ਇਸ ਰੋਸ ਮੁਜ਼ਾਹਰੇ ਵਿਚ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵੀ ਸ਼ਮੂਲੀਅਤ ਕੀਤੀ।
ਇਸ ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਬੁਲਾਰਿਆਂ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ ਦੀ ਹੱਡੀ ਹਨ ਅਤੇ ਮੋਦੀ ਸਰਕਾਰ ਨੇ ਖੇਤੀ ਕਾਨੂੰਨ ਲਿਆ ਕਿ ਕਿਸਾਨੀ ਨੂੰ ਸੱਟ ਮਾਰੀ ਹੈ ਅਤੇ ਦੇਸ਼ ਦਾ ਵੱਡਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਦਿੱਲੀ ਜਾ ਰਹੇ ਕਿਸਾਨਾਂ ’ਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਖੱਟਰ ਸਰਕਾਰ ਨੇ ਜੋ ਕਾਰਵਾਈ ਕੀਤੀ ਹੈ, ਉਹ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਹੀ ਦੇਸ਼ ਕਾਇਮ ਹੈ ਅਤੇ ਜੇਕਰ ਕਿਸਾਨ ਬਰਬਾਦ ਹੋ ਗਿਆ ਤਾਂ ਦੇਸ਼ ਵੀ ਬਰਬਾਦ ਹੋ ਜਾਵੇਗਾ। ਇਸ ਲਈ ਮੋਦੀ ਸਰਕਾਰ ਨੂੰ ਖੇਤੀ ਬਿਲਾਂ ਸਬੰਧੀ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ ਅਤੇ ਬਿੱਲ ਰੱਦ ਕਰਨੇ ਚਾਹੀਦੇ ਹਨ। ਇਸ ਮੌਕੇ ਵਿਧਾਇਕ ਨਾਗਰਾ ਦੀ ਪਤਨੀ ਮਨਦੀਪ ਕੌਰ ਨਾਗਰਾ ਅਤੇ ਜ਼ਿਲ੍ਹਾ ਪ੍ਰਧਾਨ ਸ਼ੁਭਾਸ਼ ਸੂਦ ਨੇ ਵੀ ਵਿਚਾਰ ਪੇਸ਼ ਕੀਤੇ ਤੇ ਖੇਤੀ ਬਿਲਾਂ ਦੀ ਨਿੰਦਾ ਕੀਤੀ।
ਕਿਸਾਨ ਅੰਦੋਲਨ ਦੇ ਹੱਕ ’ਚ ਸੁਖਨਾ ਝੀਲ ’ਤੇ ਪਰਚੇ ਵੰਡੇ
ਚੰਡੀਗੜ੍ਹ (ਪੱਤਰ ਪ੍ਰੇਰਕ): ਵਿਦਿਆਰਥੀ ਜਥੇਬੰਦੀ ਯੂਥ ਫਾਰ ਸਵਰਾਜ ਨੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਅੱਜ ਚੰਡੀਗੜ੍ਹ ਦੀ ਸੁਖਨਾ ਝੀਲ ਉੱਤੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਅਤੇ ਸੈਲਾਨੀਆਂ ਨੂੰ ਪਰਚੇ ਵੰਡੇ ਜਿਨ੍ਹਾਂ ਵਿੱਚ ਉਨ੍ਹਾਂ ਨੇ ਕਿਸਾਨਾਂ ਦੀ ਹਮਾਇਤ ਸਬੰਧੀ ਬਿਆਨ ਲਿਖੇ ਹੋਏ ਸਨ ਅਤੇ ਮੋਦੀ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੋਈ ਸੀ। ਜਥੇਬੰਦੀ ਦੇ ਆਗੂਆਂ ਅੰਕੁਰ, ਸੰਜੀਵ, ਸੁਨੀਲ ਅਤੇ ਬੰਟੀ ਨੇ ਦੱਸਿਆ ਕਿ ਇਸ ਪ੍ਰਦਰਸ਼ਨ ਦਾ ਮਕਸਦ ਲੋਕਾਂ ਨੂੰ ਕਿਸਾਨਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਬਾਰੇ ਜਾਗਰੂਕ ਕਰਨਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਅਤੇ ਹੰਬਲ ਸੋਲ ਸੁਸਾਇਟੀ ਨੇ ਵੀ ਇਸ ਪ੍ਰਦਰਸ਼ਨ ਵਿੱਚ ਭਾਗ ਲਿਆ। ਪ੍ਰਦਰਸ਼ਨਕਾਰੀਆਂ ਨੇ ਭਾਵੇਂ ਕੋਈ ਨਾਅਰੇਬਾਜ਼ੀ ਨਹੀਂ ਕੀਤੀ ਪਰ ਹੱਥਾਂ ਵਿੱਚ ‘ਕਿਸਾਨ ਵਿਰੋਧੀ ਕਾਨੂੰਨ ਵਾਪਸ ਲਵੋ’ ਅਤੇ ‘ਖੇਤੀ ਨੂੰ ਵਿਸ਼ਵ ਵਪਾਰ ਸੰਸਥਾ ਤੋਂ ਬਾਹਰ ਕਰੋ’ ਵਰਗੇ ਸਲੋਗਨ ਵਾਲੀਆਂ ਤਖਤੀਆਂ ਫੜੀਆਂ ਹੋਈਆਂ ਸਨ। ਇਸ ਮੌਕੇ ਸੈਲਾਨੀਆਂ ਨੇ ਵਿਦਿਆਰਥੀਆਂ ਦੇ ਸੁਨੇਹੇ ਨੂੰ ਧਿਆਨ ਨਾਲ ਸੁਣਿਆ।