ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਸਤੰਬਰ
ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਕਿਸੇ ਦੇ ਵਪਾਰ ਲਈ ਪਾਰਟੀ ਨੂੰ ਕੁਰਬਾਨ ਨਹੀਂ ਹੋਣ ਦਿੱਤਾ ਜਾਵੇਗਾ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੰਗਨਾ ਰਣੌਤ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ, ‘‘ਸੰਸਦ ਮੈਂਬਰ ਬਣਨ ਨਾਲ ਕੋਈ ਆਗੂ ਨਹੀਂ ਬਣ ਜਾਂਦਾ। ਹਰ ਸੰਸਦ ਮੈਂਬਰ ਜਾਂ ਵਿਧਾਇਕ ਆਗੂ ਨਹੀਂ ਹੁੰਦਾ। ਪਾਰਟੀ ਦੀ ਵਿਚਾਰਧਾਰਾ ਨਾਲ ਇੱਕ ਦਿਨ ’ਚ ਨਹੀਂ ਜੁੜਿਆ ਜਾਂਦਾ, ਇਸ ਲਈ ਕਈ-ਕਈ ਸਾਲ ਲੱਗ ਜਾਂਦੇ ਹਨ।’’ ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਦੇ ਬਿਆਨ ਦਾ ਉਹ ਪਹਿਲੇ ਦਿਨ ਤੋਂ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਦੇ ਵਪਾਰ ਲਈ ਪਾਰਟੀ ਨੂੰ ਕੁਰਬਾਨ ਨਹੀਂ ਹੋਣ ਦਿੱਤਾ ਜਾਵੇਗਾ। ਫਿਲਮ ਬਣਾਉਣੀ ਅਦਾਕਾਰਾ ਦੇ ਹੱਥ ਜਦਕਿ ਫਿਲਮ ਪਾਸ ਕਰਨੀ ਜਾਂ ਨਹੀਂ ਕਰਨੀ ਸੈਂਸਰ ਬੋਰਡ ਦੇ ਹੱਥ ਹੈ। ਇਸ ਨਾਲ ਪਾਰਟੀ ਦਾ ਕੋਈ ਸਬੰਧ ਨਹੀਂ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਖਾਲਸਾ ਤੇ ਪੰਜਾਬ ਦੇ ਖ਼ਿਲਾਫ਼ ਬੋਲੇਗਾ ਭਾਜਪਾ ਵੱਲੋਂ ਉਸ ਦਾ ਵਿਰੋਧ ਜਾਰੀ ਰਹੇਗਾ।
ਗਰੇਵਾਲ ਨੇ ਕਿਹਾ ਕਿ ਭਾਜਪਾ ਹਾਈਕਮਾਂਡ ਨੇ ਕੰਗਨਾ ਨੂੰ ਫਟਕਾਰ ਲਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨੀ ਅੰਦੋਲਨ ਬਾਰੇ ਕਿਹਾ ਕਿ ਅੰਦੋਲਨ ਖਤਮ ਹੋਣ ਤੋਂ ਪਹਿਲਾਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਸਨ ਪਰ ਕੁਝ ਲੋਕਾਂ ਨੇ ਅੰਦੋਲਨ ਖਤਮ ਨਹੀਂ ਹੋਣ ਦਿੱਤਾ। ਉਨ੍ਹਾਂ ਅੱਜ ਦੁਹਰਾਇਆ ਕਿ ਤਿੰਨੋਂ ਖੇਤੀ ਕਾਨੂੰਨ ਚੰਗੇ ਸਨ ਪਰ ਭਾਜਪਾ ਕਿਸਾਨਾਂ ਨੂੰ ਸਮਝਾਉਣ ਵਿੱਚ ਨਾਕਾਮ ਰਹੀ। ਇਸੇ ਕਰਕੇ ਪ੍ਰਧਾਨ ਮੰਤਰੀ ਨੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਏ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਕਿਸਾਨ ਇਗ ਤਿੰਨੋਂ ਖੇਤੀ ਕਾਨੂੰਨ ਲਾਗੂ ਕਰਨ ਦੀ ਮੰਗ ਜ਼ਰੂਰ ਕਰਨਗੇ। ਗਰੇਵਾਲ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਨਿੱਜੀ ਹਿੱਤਾਂ ਲਈ ਪਾਰਟੀ ਨੂੰ ਦਾਅ ’ਤੇ ਲਗਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਗਲਤੀਆਂ ਕਰਕੇ ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਖਾਲਸਾ ਲੋਕ ਸਭਾ ਚੋਣ ਜਿੱਤੇ ਸਨ।
’84 ਕਤਲੇਆਮ ਦੇ ਸਾਰੇ ਦੋਸ਼ੀ ਜਲਦੀ ਸਲਾਖਾਂ ਪਿੱਛੇ ਹੋਣਗੇ: ਗਰੇਵਾਲ
ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ 1984 ਕਤਲੇਆਮ ਦੇ ਅਸਲ ਦੋਸ਼ੀ ਛੇਤੀ ਹੀ ਸਲਾਖਾਂ ਪਿੱਛੇ ਹੋਣਗੇ। ਮੋਦੀ ਸਰਕਾਰ ਸਿੱਖ ਨਸਲਕੁਸ਼ੀ ਕਰਨ ਵਾਲਿਆਂ ਖ਼ਿਲਾਫ਼ ਚੁਣ-ਚੁਣ ਕੇ ਕੇਸ ਚਲਾਏਗੀ। ਉਨ੍ਹਾਂ ਕਿਹਾ ਕਿ ਕਾਂਗਰਸ 1984 ਦੇ ਦੋਸ਼ੀਆਂ ਨੂੰ ਮੰਤਰੀ ਦੇ ਅਹੁਦੇ ਦੇ ਕੇ ਸਨਮਾਨਤ ਕਰਦੀ ਰਹੀ ਹੈ ਪਰ ਮੋਦੀ ਸਰਕਾਰ ਦੋਸ਼ੀਆਂ ਨੂੰ ਸਜ਼ਾ ਦਿਵਾ ਰਹੀ ਹੈ।