ਸਰਬਜੀਤ ਸਿੰਘ ਭੰਗੂ/ ਗੁਰਦੀਪ ਸਿੰਘ ਲਾਲੀ
ਪਟਿਆਲਾ/ ਸੰਗਰੂਰ, 28 ਅਕਤੂਬਰ
ਕਿਸਾਨੀ ਮੰਗਾਂ ਲਈ ਕਈ ਦਿਨਾਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਮੂਹਰੇ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾਈ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠਾਂ ਚੱਲ ਰਿਹਾ ਧਰਨਾ 29 ਅਕਤੂਬਰ ਨੂੰ ਚੁੱਕ ਦਿੱਤਾ ਜਾਵੇਗਾ। ਇਸ ਸੰਬੰਧੀ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਜੋਗਿੰਦਰ ਸਿੰਘ ਉਗਰਾਹਾਂ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਦਰਮਿਆਨ ਅੱਜ ਪਟਿਆਲਾ ਦੇ ਸਰਕਟ ਹਾਊਸ ਵਿਖੇ ਚੱਲੀ ਲੰਮੀ ਮੀਟਿੰਗ ਦੌਰਾਨ ਸਹਿਮਤੀ ਬਣ ਚੁੱਕੀ ਹੈ। ਇਸ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਚਾਇਤ ਮੰਤਰੀ ਨੇ ਦੱਸਿਆ ਕਿ ਯੂਨੀਅਨ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ, ਜਿਸ ਦੀ ਪੁਸ਼ਟੀ ਕਰਦਿਆਂ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮੰਨੀਆਂ ਗਈਆਂ ਮੰਗਾਂ ਸਰਕਾਰ ਤੋਂ ਲਿਖਤੀ ਰੂਪ ’ਚ ਲਈਆਂ ਗਈਆਂ ਹਨ। ਪਤਾ ਲੱਗਾ ਹੈ ਕਿ ਇਹ ਧਰਨਾ 29 ਅਕਤੂਬਰ ਨੂੰ ਜੇਤੂ ਰੈਲੀ ਕਰਕੇ ਸਮਾਪਤ ਕੀਤਾ ਜਾਵੇਗਾ, ਜਿਸ ਲਈ ਭਲਕੇ ਵੱਡਾ ਇਕੱਠ ਕੀਤਾ ਜਾ ਰਿਹਾ ਹੈ।
ਇਹ ਫੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਸਮੇਤ 5 ਪ੍ਰਮੁੱਖ ਆਗੂਆਂ ਦਰਮਿਆਨ ਹੋਈ ਸਾਂਝੀ ਬੈਠਕ ਵਿੱਚ ਲਿਆ ਗਿਆ। ਪਟਿਆਲਾ ਦੇ ਸਰਕਟ ਹਾਊਸ ਵਿਖੇ ਹੋਈ ਇਸ ਬੈਠਕ ਵਿੱਚ ਸ੍ਰੀ ਧਾਲੀਵਾਲ ਤੇ ਸ੍ਰੀ ਜੋਗਿੰਦਰ ਸਿੰਘ ਉਗਰਾਹਾਂ ਤੋਂ ਇਲਾਵਾ ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ, ਝੰਡਾ ਸਿੰਘ ਜੇਠੂਕੇ, ਸ਼ੰਗਾਰਾ ਸਿੰਘ ਅਤੇ ਰੂਪ ਸਿੰਘ ਛੰਨਾ, ਆਈਜੀ ਜਤਿੰਦਰ ਸਿੰਘ ਔਲਖ, ਆਈਜੀ ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਅਤੇ ਐੱਸਐੱਸਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ।