ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 9 ਮਈ
ਦਿ ਰੈਵੇਨਿਊ ਪਟਵਾਰ ਯੂਨੀਅਨ ਵੱਲੋਂ ਪਟਵਾਰੀਆਂ ਦੀਆਂ ਮੰਗਾਂ ’ਤੇ ਸੂਬਾ ਸਰਕਾਰ ਵੱਲੋਂ ਗ਼ੌਰ ਨਾ ਕਰਨ ਦੇ ਰੋਸ ਵਜੋਂ 12-13 ਮਈ ਨੂੰ ਸਮੂਹਿਕ ਛੁੱਟੀ ’ਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਪੜਾਅਵਾਰ ਸੰਘਰਸ਼ ਤਹਿਤ ਪੰਜਾਬ ਦੇ ਸਮੂਹ ਪਟਵਾਰੀਆਂ ਅਤੇ ਕਾਨੂੰਗੋਆਂ ਵੱਲੋਂ 6 ਅਤੇ 7 ਮਈ ਨੂੰ ਸਮੂਹਿਕ ਛੁੱਟੀ ਲੈ ਕੇ ਦਫਤਰੀ ਕੰਮ ਪੂਰੀ ਤਰ੍ਹਾਂ ਬੰਦ ਰੱਖਿਆ ਗਿਆ ਸੀ ਪਰ ਇਸ ਦੇ ਬਾਵਜੂਦ ਸੂਬਾ ਸਰਕਾਰ ਵੱਲੋਂ ਕੋਈ ਹਾਂ-ਪੱਖੀ ਹੁੰਗਾਰਾ ਨਾ ਮਿਲਣ ’ਤੇ ਫਿਰ ਪਟਵਾਰੀਆਂ ਵੱਲੋਂ ਸਮੂਹਿਕ ਛੁੱਟੀ ’ਤੇ ਜਾਣ ਦੀ ਚੇਤਾਵਨੀ ਦਿੱਤੀ ਗਈ ਹੈ। ਇਹ ਜਾਣਕਾਰੀ ਦੀ ਰੈਵੇਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਪ੍ਰਿੰਸਜੀਤ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਮੂਹ ਪਟਵਾਰੀ ਪਿਛਲੇ ਵਰ੍ਹੇ ਤੋਂ ਆਪਣੇ ਹਲਕੇ ਦੇ ਕੰਮ ਤੋਂ ਇਲਾਵਾ ਪੰਜ ਵਾਧੂ ਹਲਕਿਆਂ ਦਾ ਕੰਮ ਕਰ ਰਹੇ ਹਨ ਇਸ ਤੋਂ ਇਲਾਵਾ ਕਰੋਨਾ ਮਹਾਮਾਰੀ ਸਬੰਧੀ ਅੱਗੇ ਹੋ ਕੇ ਡਿਊਟੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਟਵਾਰੀਆਂ ਦੀਆਂ ਕੁੱਲ 4716 ਪੋਸਟਾਂ ਵਿੱਚੋਂ ਲਗਭਗ 2800 ਪੋਸਟਾਂ ਖਾਲੀ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਹੁਣ ਵੀ ਪਟਵਾਰ ਯੂਨੀਅਨ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਪਟਵਾਰੀਆਂ ਵੱਲੋਂ ਵਾਧੂ ਹਲਕਿਆਂ ਦਾ ਚਾਰਜ ਛੱਡ ਦਿੱਤਾ ਜਾਵੇਗਾ ਜਿਸ ਲਈ ਜ਼ਿੰਮੇਵਾਰ ਸਰਕਾਰ ਹੋਵੇਗੀ।