ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 24 ਅਗਸਤ
ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਦੇ ਰਿਕਾਰਡ ਵਿੱਚੋਂ ਘਟੇ 267 ਪਾਵਨ ਸਰੂਪਾਂ ਦੀ ਜਾਂਚ ਰਿਪੋਰਟ ’ਤੇ ਵਿਚਾਰ ਕਰਨ ਮਗਰੋਂ ਪੰਜ ਸਿੰਘ ਸਾਹਿਬਾਨ ਨੇ ਸ਼੍ਰੋਮਣੀ ਕਮੇਟੀ ਨੂੰ ਇਕ ਹਫਤੇ ਵਿਚ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੱਦ ਕੇ ਜਾਂਚ ਰਿਪੋਰਟ ਵਿੱਚ ਦੋਸ਼ੀ ਪਾਏ ਗਏ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ ਕਾਰਵਾਈ ਕੀਤੇ ਜਾਣ ਦੀ ਹਦਾਇਤ ਕੀਤੀ ਹੈ। ਅਕਾਲ ਤਖ਼ਤ ’ਤੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ ਗੌਹਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸ਼ਾਮਲ ਸਨ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ 267 ਪਾਵਨ ਸਰੂਪਾਂ ਦੇ ਮਾਮਲੇ ਵਿਚ ਕੀਤੀ ਗਈ ਜਾਂਚ ਦੌਰਾਨ ਵੱਡੇ ਪੱਧਰ ’ਤੇ ਲਾਪਰਵਾਹੀ ਅਤੇ ਖਾਮੀਆਂ ਸਾਹਮਣੇ ਆਈਆਂ ਹਨ। ਰਿਕਾਰਡ ਵਿਚ ਘੱਟ ਪਾਏ ਪਾਵਨ ਸਰੂਪਾਂ ਦੀ ਗਿਣਤੀ 267 ਤੋਂ ਵੱਧ ਹੈ ਅਤੇ ਲਗਪਗ 328 ਪਾਵਨ ਸਰੂਪ ਘੱਟ ਪਾਏ ਗਏ ਹਨ। ਉਨ੍ਹਾਂ ਨੇ 19 ਮਈ 2016 ਨੂੰ ਗੁਰਦੁਆਰਾ ਰਾਮਸਰ ਵਿਖੇ ਗੁਰੂ ਗ੍ਰੰਥ ਸਾਹਿਬ ਭਵਨ ਨੂੰ ਅੱਗ ਲੱਗਣ ਕਾਰਨ ਨੁਕਸਾਨੇ ਗਏ ਪਾਵਨ ਸਰੂਪਾਂ ਦੇ ਮਾਮਲੇ ਵਿਚ ਹੁਣ ਤਕ ਪਛਚਾਤਾਪ ਨਾ ਕੀਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਵੇਲੇ ਦੀ ਅੰਤ੍ਰਿੰਗ ਕਮੇਟੀ ਅਤੇ ਚੀਫ ਸਕੱਤਰ ਨੂੰ ਦਸ ਦਿਨਾਂ ਵਿਚ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਹੈ।
ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲਾ ਮਾਮਲੇ ਦੀ ਜਾਂਚ ਰਿਪੋਰਟ ਨੂੰ ਘੋਖਣ ਮਗਰੋਂ ਪੰਜ ਸਿੰਘ ਸਾਹਿਬਾਨ ਨੇ ਆਖਿਆ ਕਿ ਢੱਡਰੀਆਂਵਾਲਾ ਆਪਣੀ ਗਲਤ ਬਿਆਨੀ ਲਈ ਜਦੋਂ ਤਕ ਅਕਾਲ ਤਖ਼ਤ ’ਤੇ ਪੇਸ਼ ਹੋ ਕੇ ਮਾਫੀ ਨਹੀਂ ਮੰਗਦਾ, ਉਸ ਵੇਲੇ ਤਕ ਸਿੱਖ ਸੰਗਤ ਉਸ ਦੇ ਸਮਾਗਮ ਨਾ ਕਰਾਏ ਅਤੇ ਉਸ ਦੇ ਪ੍ਰਚਾਰ ਨੂੰ ਨਾ ਸੁਣਿਆ ਜਾਵੇ। ਕੈਨੇਡਾ ਵਿਚ ਆਪਣੇ ਪੱਧਰ ’ਤੇ ਬਿਨਾਂ ਪ੍ਰਵਾਨਗੀ ਪਾਵਨ ਸਰੂਪ ਛਾਪਣ ਦੇ ਮਾਮਲੇ ਵਿਚ ਕੈਨੇਡਾ ਵਾਸੀ ਰਿਪੁਦਮਨ ਸਿੰਘ ਮਲਿਕ ਅਤੇ ਬਲਵੰਤ ਸਿੰਘ ਪੰਧੇਰ ਨੂੰ ਇਕ ਮਹੀਨੇ ਵਿਚ ਸ੍ਰੀ ਅਕਾਲ ਤਖ਼ਤ ’ਤੇ ਆਪਣਾ ਸਪੱਸ਼ਟੀਕਰਨ ਦੇਣ ਲਈ ਆਦੇਸ਼ ਦਿੱਤਾ ਹੈ। ਗੈਰ ਅੰਮ੍ਰਿਤਧਾਰੀ ਮੈਂਬਰਾਂ ਦੇ ਮਾਮਲੇ ਵਿਚ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਨੂੰ 18 ਸਤੰਬਰ ਨੂੰ ਅਕਾਲ ਤਖ਼ਤ ਵਿਖੇ ਇਸ ਸਬੰਧੀ ਜਾਣਕਾਰੀ ਲੈ ਕੇ ਹਾਜ਼ਰ ਹੋਣ ਦਾ ਆਦੇਸ਼ ਦਿੱਤਾ ਹੈ। ਸੁੱਚਾ ਸਿੰਘ ਲੰਗਾਹ ਬਾਰੇ ਆਖਿਆ ਗਿਆ ਕਿ ਉਸ ਨੂੰ ਹੁਣ ਤਕ ਮਾਫੀ ਨਹੀਂ ਦਿੱਤੀ ਗਈ ਹੈ, ਇਸ ਲਈ ਸੰਗਤ ਉਸ ਨਾਲ ਮਿਲਵਰਤਣ ਨਾ ਰੱਖਣ।