ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਦਸੰਬਰ
ਸਾਬਕਾ ਲੋਕ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ 14 ਦਸੰਬਰ ਲਈ ਕਿਸਾਨਾਂ ਵੱਲੋਂ ਦਿੱਤੇ ਪ੍ਰੋਗਰਾਮ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਕਿਸਾਨ ਸੰਘਰਸ਼ ਦੇ ਉਲੀਕੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਵੇਗੀ। ਉਨ੍ਹਾਂ ਆਖਿਆ ਕਿ ਕਿਸਾਨੀ ਦੇ ਇਸ ਮੌਜੂਦਾ ਸੰਕਟ ਲਈ ਬਾਦਲ ਪਰਿਵਾਰ ਜ਼ਿੰਮੇਵਾਰ ਹੈ ਕਿਉਂਕਿ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਉਸ ਸਮੇਂ ਮੋਦੀ ਹਕੂਮਤ ’ਚ ਵਜ਼ੀਰ ਸੀ, ਜਦੋਂ ਇਹ ਕਿਸਾਨ ਵਿਰੋਧੀ ਕਾਨੂੰਨ ਸੰਸਦ ਵਿੱਚ ਰੱਖੇ ਗਏ ਸਨ। ਉਸ ਵੇਲੇ ਉਨ੍ਹਾਂ ਨੇ ਖੇਤੀ ਕਾਨੂੰਨਾਂ ਦਾ ਪੱਖ ਪੂਰਿਆ ਸੀ। ਮਗਰੋਂ ਬੀਬੀ ਬਾਦਲ ਨੇ ਵਿਰੋਧੀ ਧਿਰ ਦੇ ਵਿਰੋਧ ਕਾਰਨ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ। ਉਨ੍ਹਾਂ ਕਿਹਾ ਕਿ ਮੋਦੀ ਹਕੂਮਤ ਨੂੰ ਕਾਲੇ ਕਾਨੂੰਨ ਵਾਪਸ ਲੈਣੇ ਪੈਣਗੇ।