ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਨਵੰਬਰ
ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਗੇਲ (ਇੰਡੀਆ) ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਸ ਸਮਝੌਤੇ ਨਾਲ ਗੇਲ ਵੱਲੋਂ ਸੂਬੇ ਵਿੱਚ 10 ਕੰਪਰੈਸਡ ਬਾਇਓਗੈਸ (ਸੀਬੀਜੀ) ਪ੍ਰਾਜੈਕਟ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਦੇ ਹੋਰ ਪ੍ਰਾਜੈਕਟਾਂ ਦੀ ਸਥਾਪਨਾ ਦਾ ਰਾਹ ਪੱਧਰਾ ਹੋ ਗਿਆ ਹੈ। ਸਮਝੌਤੇ ’ਤੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਡਾ. ਅਮਰਪਾਲ ਸਿੰਘ ਅਤੇ ਗੇਲ (ਇੰਡੀਆ) ਦੇ ਕਾਰਜਕਾਰੀ ਡਾਇਰੈਕਟਰ (ਬਿਜ਼ਨਸ ਡਿਵੈਲਪਮੈਂਟ ਅਤੇ ਈ ਐਂਡ ਪੀ) ਆਰਕੇ ਸਿੰਘਲ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਡਾ. ਰਵੀ ਭਗਤ ਦੀ ਮੌਜੂਦਗੀ ਵਿੱਚ ਹਸਤਾਖ਼ਰ ਕੀਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 10 ਸੀਬੀਜੀ ਪ੍ਰਾਜੈਕਟਾਂ ਦੀ ਸਥਾਪਨਾ ਲਈ ਸਮਝੌਤਾ ਸਹੀਬੱਧ ਕਰਨ ’ਤੇ ਗੇਲ (ਇੰਡੀਆ) ਲਿਮਟਿਡ ਅਤੇ ਪੇਡਾ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਪੇਡਾ ਨੂੰ ਗੇਲ (ਇੰਡੀਆ) ਨੂੰ ਪੂਰਾ ਸਹਿਯੋਗ ਦੇਣ ਲਈ ਵੀ ਕਿਹਾ। ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਸੂਬੇ ਨੂੰ ਸਾਲਾਨਾ 5 ਲੱਖ ਟਨ ਪਰਾਲੀ ਦਾ ਨਿਪਟਾਰਾ ਕਰਨ ਅਤੇ ਇਸ ਤੋਂ ਸਾਫ਼-ਸੁਥਰੀ ਊਰਜਾ ਪੈਦਾ ਕਰਨ ਵਿੱਚ ਮਦਦ ਕਰੇਗਾ। ਸਕੱਤਰ ਡਾ. ਰਵੀ ਭਗਤ ਨੇ ਦੱਸਿਆ ਕਿ ਇਨ੍ਹਾਂ 10 ਪ੍ਰਾਜੈਕਟਾਂ ਦੀ ਸਥਾਪਨਾ ਨਾਲ ਲਗਪਗ 1.25 ਲੱਖ ਏਕੜ ਰਕਬੇ ਵਿੱਚ ਪਰਾਲੀ ਸੜਨ ਤੋਂ ਬਚਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਲਾਂਟਾਂ ਨੂੰ ਪਰਾਲੀ ਦੀ ਸਪਲਾਈ ਲਈ ਪਿੰਡ ਪੱਧਰ ’ਤੇ ਉੱਦਮੀ ਵੀ ਪੈਦਾ ਹੋਣਗੇ, ਜਿਸ ਨਾਲ ਅੱਗੇ 500 ਤੋਂ ਵੱਧ ਵਿਅਕਤੀਆਂ ਲਈ ਰੁਜ਼ਗਾਰ ਵੀ ਪੈਦਾ ਹੋਵੇਗਾ।