ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 15 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਲੇਰਕੋਟਲਾ ਦੇ 786 ਚੌਕ ਅਤੇ ਨੇੜਲੇ ਪਿੰਡਾਂ ਵਿੱਚ ਅਕਾਲੀ ਦਲ-ਬਸਪਾ ਗੱਠਜੋੜ ਦੀ ਸੰਗਰੂਰ ਲੋਕ ਸਭਾ ਹਲਕਾ ਤੋਂ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਦੇ ਹੱਕ ਵਿੱਚ ਚੋਣ ਬੈਠਕਾਂ ਕੀਤੀਆਂ। ਉਨ੍ਹਾਂ ਕਿਹਾ ਕਿ ਪਿਛਲੀਆਂ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਹਮੇਸ਼ਾਂ ਸ਼ਾਂਤੀ ਤੇ ਫ਼ਿਰਕੂ ਸਦਭਾਵਨਾ ਨੂੰ ਸਰਕਾਰੀ ਨੀਤੀ ਦਾ ਮੁੱਖ ਧੁਰਾ ਬਣਾ ਕੇ ਰੱਖਿਆ। ਇਸੇ ਸਦਕਾ ਸੂਬੇ ਵਿੱਚ ਸ਼ਾਂਤੀ ਬਣੀ ਰਹੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਕੀਤੀ ਅਪੀਲ ਮਗਰੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਿਆ ਗਿਆ। ਉਨ੍ਹਾਂ ਕਿਹਾ ਕਿ ਪੰਥਕ ਧਿਰਾਂ ਨੇ ਰਲ ਕੇ ਬੀਬਾ ਰਾਜੋਆਣਾ ਨੂੰ ਇਸ ਸੀਟ ਤੋਂ ਸਾਂਝਾ ਉਮੀਦਵਾਰ ਬਣਾਇਆ ਹੈ। ਸ੍ਰੀ ਬਾਦਲ ਨੇ ਕਿਹਾ ਕਿ ਬੀਬਾ ਰਾਜੋਆਣਾ ਦੀ ਚੋਣ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦਾ ਰਾਹ ਪੱਧਰਾ ਕਰੇਗੀ।
ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਾਰੇ ਬੋਲਦਿਆਂ ਕਿਹਾ ਕਿ ਸ੍ਰੀ ਕੇਜਰੀਵਾਲ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਹੁਕਮਾਂ ’ਤੇ ਹਸਤਾਖ਼ਰ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਲੋਕਾਂ ਦੇ ਰੋਸ ਵਿਖਾਵਿਆਂ ਤੋਂ ਡਰਦੇ ਆਪਣੇ ਪਾਰਲੀਮਾਨੀ ਹਲਕੇ ਵਿੱਚ ਨਹੀਂ ਆ ਰਹੇ। ਨਵੇਂ ਵਿਕਾਸ ਕੰਮਾਂ ਦੀ ਤਾਂ ਗੱਲ ਦੂਰ, ਪੁਰਾਣੇ ਕੰਮ ਵੀ ਅੱਧ ਵਿਚਾਲੇ ਰੋਕ ਦਿੱਤੇ ਗਏ ਹਨ।
ਇਸ ਦੌਰਾਨ ਸ੍ਰੀ ਬਾਦਲ ਨੇ ਬਾਬਾ ਹੈਦਰ ਸ਼ੇਖ ਦੀ ਦਰਗਾਹ ’ਤੇ ਮੱਥਾ ਟੇਕਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉੁਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਕਾਂਗਰਸ ਪਾਰਟੀ ਨਾਲ ਰਲ ਕੇ ਸਿੱਧੂ ਮੂਸੇਵਾਲ ਦੇ ਕਤਲ ਦਾ ਸਿਆਸੀਕਰਨ ਕਰ ਰਹੇ ਹਨ। ਬੀਬੀ ਰਾਜੋਆਣਾ ਨੇ ਹਲਕੇ ਵਿੱਚ ਵੱਖਰੇ ਤੌਰ ’ਤੇ ਪ੍ਰਚਾਰ ਕੀਤਾ। ਉਨ੍ਹਾਂ ਸਪਸ਼ਟ ਕੀਤਾ ਕਿ ਉਹ ਕੋਈ ਸਿਆਸੀ ਆਗੂ ਨਹੀਂ ਹਨ ਤੇ ਉਹ ਸਿਰਫ਼ ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਚੋਣਾਂ ਵਿੱਚ ਖੜ੍ਹੇ ਹੋਏ ਹਨ। ਇਸ ਮੌਕੇ ਹਲਕੇ ਵਿਚ ਹੋਰ ਆਗੂਆਂ ਨੇ ਵੀ ਬੀਬੀ ਰਾਜੋਆਣਾ ਦੇ ਹੱਕ ’ਚ ਪ੍ਰਚਾਰ ਕੀਤਾ।