ਬੀਰਬਲ ਰਿਸ਼ੀ/ਪ੍ਰਮੋਦ ਸਿੰਗਲਾ
ਸ਼ੇਰਪੁਰ/ਸ਼ਹਿਣਾ/, 19 ਜੂਨ
ਮੁੱਖ ਮੰਤਰੀ ਭਗਵੰਤ ਮਾਨ ਤੋਂ ਉਨ੍ਹਾਂ ਦੇ ਆਪਣੇ ਹਲਕੇ ਦੇ ਲੋਕ ਬੁਰੀ ਤਰ੍ਹਾਂ ਨਿਰਾਸ਼ ਹਨ। ਚੋਣ ਜਿੱਤਣ ਮਗਰੋਂ ਆਮ ਤੋਂ ਖਾਸ ਬਣੇ ਮੁੱਖ ਮੰਤਰੀ ਨੇ ਆਪਣੇ ਹਲਕੇ ਦੇ ਕੰਮ ਤਾਂ ਕੀ ਕਰਨੇ ਸੀ, ਸਗੋਂ ਧੰਨਵਾਦੀ ਦੌਰਾ ਕਰਨਾ ਵੀ ਜ਼ਰੂਰੀ ਨਾ ਸਮਝਿਆ। ਇਸ ਲਈ ਲੋਕਾਂ ਨੇ ਹੁਣ ਉਨ੍ਹਾਂ ਵੱਲੋਂ ਪੰਜਾਬ ਦਾ ਭਲਾ ਹੋਣ ਦੀ ਆਸ ਹੀ ਛੱਡ ਦਿੱਤੀ ਹੈ।
ਇਹ ਗੱਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਖੰਗੂੜਾ ਦੇ ਹੱਕ ’ਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਹੀਆਂ। ਇਸੇ ਦੌਰਾਨ ਕਸਬਾ ਸ਼ਹਿਣਾ ਦੇ ਮੁੱਖ ਬਾਜ਼ਾਰ ਵਿੱਚ ਸ਼ਹੀਦ ਭਗਤ ਚੌਕ ’ਚ ਕਾਂਗਰਸ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਦੋ ਵਾਰ ਐੱਮਪੀ ਬਣੇ ਪਰ ਉਨ੍ਹਾਂ ਦੇ ਪੱਲੇ ਪੰਜਾਬ ਲਈ ਕੋਈ ਪ੍ਰਾਪਤੀ ਨਹੀਂ ਹੈ। ਸ੍ਰੀ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਕਾਂਗਰਸ ਦੀ ਦੇਣ ਹੈ ਤੇ ਇਸ ਸ਼ਾਂਤੀ ਨੂੰ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਿਰਫ਼ ਮਹਿੰਗਾਈ ਵਧਾਉਣ ਵਾਲੀ ਸਰਕਾਰ ਹੈ, ਜਿਸ ਨੇ ਮਹਿੰਗਾਈ ਦੇ ਖੇਤਰ ਵਿੱਚ ਪਿਛਲੇ ਸੱਤਰ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ‘ਆਪ’ ਵਿਧਾਇਕ ਮਿਲਣਾ ਤਾਂ ਦੂਰ, ਫੋਨ ’ਤੇ ਗੱਲ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਪਿੰਡਾਂ ਦੇ ਵਿਕਾਸ ਲਈ ਕੋਈ ਰਣਨੀਤੀ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਦੀ ਅਲੋਚਨਾ ਕਰਦਿਆਂ ਵੜਿੰਗ ਨੇ ਕਿਹਾ ਕਿ ਇਤਿਹਾਸ ਵਿੱਚ ਜਦੋਂ ਵੀ ਸੂਬੇ ਦੀਆਂ ਚੋਣਾਂ ਹੋਈਆਂ ਤਾਂ ਪੋਸਟਰਾਂ ’ਤੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੀਆਂ ਫੋਟੋਆਂ ਹੁੰਦੀਆਂ ਸਨ, ਪਰ ਇਹ ਪਹਿਲੀ ਵਾਰ ਹੈ ਕਿ ਪਾਰਟੀ ਉਮੀਦਵਾਰ ਕਮਲਦੀਪ ਕੌਰ ਦੇ ਪੋਸਟਰਾਂ ’ਤੇ ਕਿਸੇ ਵੀ ਬਾਦਲ ਦੀ ਤਸਵੀਰ ਨਹੀਂ ਹੈ।
‘ਆਪ’ ਦਿੱਲੀ ਮਾਡਲ ’ਤੋਂ ਡਿੱਗ ਕੇ ਸੰਗਰੂਰ ਮਾਡਲ ’ਤੇ ਆਈ
ਸੰਗਰੂਰ/ਧੂਰੀ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਗਰੂਰ ਨੂੰ ਪੰਜਾਬ ਦਾ ਰੋਲ ਮਾਡਲ ਜ਼ਿਲ੍ਹਾ ਬਣਾਉਣ ਦੇ ਕੀਤੇ ਐਲਾਨ ’ਤੇ ਵਰ੍ਹਦਿਆਂ ਲੈਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ‘ਦਿੱਲੀ ਮਾਡਲ’ ਤੋਂ ਹੇਠਾਂ ਡਿੱਗ ਕੇ ਹੁਣ ‘ਸੰਗਰੂਰ ਮਾਡਲ’ ’ਤੇ ਆ ਗਈ ਹੈ। ਰਾਜਾ ਵੜਿੰਗ ਹਲਕੇ ਵਿਚ ਪਾਰਟੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਹੱਕ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕਰ ਰਹੇ ਸਨ। ਵੜਿੰਗ ਨੇ ਮੁੱਖ ਮੰਤਰੀ ਨੂੰ ਸਵਾਲ ਕਰਦਿਆਂ ਕਿਹਾ ਕਿ ਦਿੱਲੀ ਮਾਡਲ ਦਾ ਕੀ ਬਣਿਆ, ਜਿਸ ਦਾ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਬਹੁਤ ਰੌਲਾ ਪਾ ਰਹੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਅਜਿਹੇ ਲੋਕ ਪੱਖੀ ਵਾਅਦੇ ਪਹਿਲਾਂ ਹੀ ਆਪਣਾ ਆਧਾਰ ਗੁਆ ਚੁੱਕੇ ਹਨ, ਜਿਸ ਕਰਕੇ ਹਰ ਵਾਰ ਲੋਕਾਂ ਨੂੰ ਧੋਖਾ ਨਹੀਂ ਦਿੱਤਾ ਜਾ ਸਕਦਾ। ਇਸੇ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਫੌਜ ਭਰਤੀ ਦੀ ਅਗਨੀਪਥ ਯੋਜਨਾ ਤਹਿਤ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਨੌਜਵਾਨ ਆਪਣੇ ਦੇਸ਼ ਲਈ ਮਰ ਮਿਟਣ ਦਾ ਜਜ਼ਬਾ ਰੱਖਦੇ ਹਨ, ਪਰ ਕੇਂਦਰ ਸਰਕਾਰ ਵੱਲੋਂ ਇਸ ਯੋਜਨਾ ਤਹਿਤ ਹਿੰਦੁਸਤਾਨ ਦੀ ਸੁਰੱਖਿਆ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਸਾਡੇ ਫੌਜੀ ਵੀਰ ਸਖ਼ਤ ਡਿਊਟੀ ਕਰਕੇ ਦੇਸ਼ ਦੀ ਸੇਵਾ ਕਰਦੇ ਹਨ।