ਜੋਗਿੰਦਰ ਸਿੰਘ ਮਾਨ
ਮਾਨਸਾ, 2 ਮਈ
ਪੰਜਾਬ ਵਿੱਚ ਮਈ ਮਹੀਨੇ ਦੇ ਮੁੱਢਲੇ ਦਿਨਾਂ ਦੌਰਾਨ ਚੱਲੀਆਂ ਤੇਜ਼ ਹਵਾਵਾਂ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਬਠਿੰਡਾ-ਮਾਨਸਾ ਇਲਾਕੇ ਵਿੱਚ ਤਾਪਮਾਨ 41.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦੋਂਕਿ ਕੱਲ੍ਹ ਤਾਪਮਾਨ ਲਗਪਗ 45 ਡਿਗਰੀ ਸੈਲਸੀਅਸ ਸੀ। ਮੌਸਮ ਵਿਭਾਗ ਅਨੁਸਾਰ ਭਲਕੇ ਤਿੰਨ ਮਈ ਨੂੰ ਆਸਮਾਨ ’ਚ ਬੱਦਲਵਾਈ ਤੇ ਹਲਕੇ ਮੀਂਹ ਤੋਂ ਇਲਾਵਾ ਤੇਜ਼ ਹਨੇਰੀ ਚੱਲਣ ਦੀ ਸੰਭਾਵਨਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਵੱਲੋਂ ਜਾਰੀ ਬੁਲੇਟਿਨ ਅਨੁਸਾਰ ਮਾਲਵਾ ਖੇਤਰ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਤਾਪਮਾਨ 41 ਤੋਂ 42 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ। ਇਸੇ ਦੌਰਾਨ ਅੱਜ ਸਰਕਾਰੀ ਹੁਕਮਾਂ ਤਹਿਤ ਸਕੂਲਾਂ ਦਾ ਸਮਾਂ ਬਦਲਣ ਕਰਕੇ ਵਿਦਿਆਰਥੀਆਂ ਨੇ ਦੁਪਹਿਰ ਤੋਂ ਪਹਿਲਾਂ ਹੋਈ ਛੁੱਟੀ ਕਾਰਨ ਗਰਮੀ ਤੋਂ ਕੁਝ ਰਾਹਤ ਮਹਿਸੂਸ ਕੀਤੀ। ਦੂਜੇ ਪਾਸੇ ਮੌਸਮ ਵਿਭਾਗ ਨੇ ਵਧ ਰਹੀ ਗਰਮੀ ਨੂੰ ਲੈ ਕੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ਵਿੱਚ ਦੁਪਹਿਰ ਵੇਲੇ ਬਿਨਾਂ ਕਿਸੇ ਕੰਮ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਵਿਗਿਆਨੀ ਡਾ. ਰਾਜ ਕੁਮਾਰ ਪਾਲ ਨੇ ਦੱਸਿਆ ਕਿ ਦੱਸਿਆ ਕਿ ਭਲਕੇ 3 ਮਈ ਨੂੰ ਮਾਨਸਾ, ਸੰਗਰੂਰ, ਬਰਨਾਲਾ, ਬਠਿੰਡਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਲੁਧਿਆਣਾ, ਰੋਪੜ, ਪਟਿਆਲਾ, ਐੱਸਏਐੱਸ ਨਗਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂ ਸ਼ਹਿਰ, ਕਪੂਰਥਲਾ ਤੇ ਜਲੰਧਰ ’ਚ ਹਨੇਰੀ ਨਾਲ ਹਲਕੇ ਮੀਂਹ ਦੀ ਵੀ ਸੰਭਾਵਨਾ ਹੈ।