ਫ਼ਰੀਦਕੋਟ (ਜਸਵੰਤ ਜੱਸ): ਸਥਾਨਕ ਦਸਮੇਸ਼ ਨਗਰ ਵਿੱਚ ਚੋਣਾਂ ਤੋਂ ਬਾਅਦ ਧੰਨਵਾਦੀ ਦੌਰੇ ’ਤੇ ਗਏ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਕੋਲ ਮੁਹੱਲਾ ਵਾਸੀਆਂ ਨੇ ਸ਼ਿਕਵਾ ਕੀਤਾ ਕਿ ਸੂਬੇ ਵਿੱਚ ਸਰਕਾਰ ਬਦਲਣ ਤੋਂ ਬਾਅਦ ਵੀ ਨਸ਼ਾ ਤਸਕਰੀ ਨੂੰ ਕੋਈ ਠੱਲ੍ਹ ਨਹੀਂ ਪੈ ਰਹੀ ਹੈ। ਮੁਹੱਲਾ ਵਾਸੀਆਂ ਨੇ ਸ਼ਿਕਾਇਤ ਕੀਤੀ ਕਿ ਸ਼ਹਿਰ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਹਾਲੇ ਵੀ ਨਸ਼ੇ ਵਿਕ ਰਹੇ ਹਨ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਮੁਹੱਲਾ ਵਾਸੀਆਂ ਦੀ ਗੱਲ ਸੁਣੀ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਕਿਸੇ ਵੀ ਕੀਮਤ ’ਤੇ ਇਲਾਕੇ ਵਿੱਚ ਨਸ਼ਾ ਨਹੀਂ ਵਿਕਣ ਦਿੱਤਾ ਜਾਵੇਗਾ ਅਤੇ ਨਸ਼ਾ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਅਗਲੇ ਦੋ ਦਿਨਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਬਾਰੇ ਆਪਣੀ ਰਿਪੋਰਟ ਪੇਸ਼ ਕਰਨਗੇ।