ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 10 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੱਖ-ਵੱਖ ਵਿਭਾਗਾਂ ’ਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਗੱਲ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ 16 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਨਿਯੁਕਤੀ ਪੱਤਰ ਸੌਂਪਣ ਮੌਕੇ ਕਹੀ। ਉਨ੍ਹਾਂ ਫ਼ਤਹਿਗੜ੍ਹ ਸਾਹਿਬ ਦੇ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ 13 ਸਵੀਪਰਾਂ, 2 ਸੇਵਾਦਾਰਾਂ ਅਤੇ 1 ਚੌਕੀਦਾਰ ਨੂੰ ਪੱਕਾ ਕਰਨ ਸਬੰਧੀ ਨਿਯੁਕਤੀ ਪੱਤਰ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਚੋਣ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਲੋਕਾਂ ਦੀ ਭਲਾਈ ਨੂੰ ਮੁੱਖ ਰੱਖਦੇ ਹੋਏ ਸੂਬੇ ਦਾ ਚਹੁੰਤਰਫ਼ਾ ਵਿਕਾਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਰੇਤ ਦੇ ਮੁੱਲ ਤੈਅ ਕਰਨੇ ਇਤਿਹਾਸਕ ਫ਼ੈਸਲਾ ਹੈ, ਜਿਸ ਨਾਲ ਸੂਬੇ ਵਿਚੋਂ ਰੇਤ ਮਾਫ਼ੀਏ ਦਾ ਖਾਤਮਾ ਹੋਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੀਤਾ ਦਰਸ਼ੀ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਭਸਿਮਰਨ ਕੌਰ ਅਤੇ ਸੁਪਰਡੈਂਟ ਰਾਜੇਸ਼ ਕੁਮਾਰ ਸ਼ਰਮਾ ਆਦਿ ਹਾਜ਼ਰ ਸਨ।