ਬੀ.ਐੱਸ. ਚਾਨਾ
ਸ੍ਰੀ ਅਨੰਦਪੁਰ ਸਾਹਿਬ, 6 ਅਪਰੈਲ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਵਾਉਣ ਲਈ ਆਉਣ ਵਾਲਿਆਂ ਦੀ ਹੁਣ ਬੇਲੋੜੀ ਖੱਜਲ-ਖੁਆਰੀ ਨਹੀਂ ਹੋਵੇਗੀ ਤੇ ਲੋਕਾਂ ਤੱਕ ਸਮੇਂ ਸਿਰ ਸਹੂਲਤਾਂ ਪਹੁੰਚਾਉਣ ਲਈ ਪੂਰੀ ਮਿਹਨਤ ਕੀਤੀ ਜਾਵੇਗੀ। ਸ੍ਰੀ ਬੈਂਸ ਇੱਥੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਸਰਕਾਰੀ ਵਿਭਾਗਾਂ ਵਿੱਚ ਉਨ੍ਹਾਂ ਦੇ ਜ਼ਰੂਰੀ ਕੰਮਾਂ ਵਿੱਚ ਹੋਣ ਵਾਲੀ ਬੇਲੋੜੀ ਦੇਰੀ ਸਬੰਧੀ ਸ਼ਿਕਾਇਤਾਂ ਸੁਣਨ ਲਈ ਪਹੁੰਚੇ ਸਨ। ਉਨ੍ਹਾਂ ਅੱਜ ਨਗਰ ਕੌਂਸਲ ਨੇੜੇ ਬਣਾਏ ਆਪਣੇ ਨਵੇਂ ਦਫ਼ਤਰ ਦਾ ਉਦਘਾਟਨ ਵੀ ਕੀਤਾ।
ਇਸ ਦੌਰਾਨ ਸ੍ਰੀ ਬੈਂਸ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਵਿੱਚ ਲੋਕਾਂ ਦੇ ਕੰਮ ਸਮੇਂ ਸਿਰ ਹੋਣੇ ਚਾਹੀਦੇ ਹਨ ਤੇ ਇਸ ਵਿੱਚ ਹੋਣ ਵਾਲੀ ਬੇਲੋੜੀ ਦੇਰੀ ਲੋਕਾਂ ਨੂੰ ਪ੍ਰੇਸ਼ਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਇਹ ਦਫ਼ਤਰ ਖੋਲ੍ਹਣ ਦਾ ਮੁੱਖ ਉਦੇਸ਼ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨਾ ਹੈ। ਇਸ ਮੌਕੇ ਵੱਡੀ ਗਿਣਤੀ ਲੋਕ ਵਿਸ਼ੇਸ਼ ਤੌਰ ’ਤੇ ਮਹਿਲਾਵਾਂ, ਕੈਬਨਿਟ ਮੰਤਰੀ ਕੋਲ ਆਪਣੀਆਂ ਮੁਸ਼ਕਲਾਂ ਲੈ ਕੇ ਪੁੱਜੇ, ਜਿਨ੍ਹਾਂ ਨੂੰ ਸੁਣਨ ਮਗਰੋਂ ਕੈਬਨਿਟ ਮੰਤਰੀ ਨੇ ਹੱਲ ਕੱਢਣ ਦਾ ਭਰੋਸਾ ਦਿੱਤਾ। ਉਨ੍ਹਾਂ ਮੌਕੇ ’ਤੇ ਕਈ ਅਧਿਕਾਰੀਆਂ ਨੂੰ ਵੀ ਫੋਨ ਕਰ ਕੇ ਹਦਾਇਤਾਂ ਦਿੱਤੀਆਂ।
ਰੂਪਨਗਰ (ਜਗਮੋਹਨ ਸਿੰਘ): ਦਾਣਾ ਮੰਡੀ ਰੂਪਨਗਰ ਸਾਉਣੀ ਦੀਆਂ ਫ਼ਸਲਾਂ ਸਬੰਧੀ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਸ਼ਿਰਕਤ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਸੁਫ਼ਨਾ ਹੈ ਕਿ ਸਾਡੇ ਦੇਸ਼ ਦਾ ਕਿਸਾਨੀ ਮਾਡਲ ਪੂਰੀ ਦੁਨੀਆ ’ਚ ਮਿਸਾਲ ਬਣੇ, ਇਸ ਲਈ ‘ਆਪ’ ਸਰਕਾਰ ਵੱਲੋਂ ਖੇਤੀ ਨੂੰ ਪ੍ਰਫੁੱਲਿਤ ਕਰਨ ਲਈ ਖੇਤੀਬਾੜੀ ਮਾਹਿਰਾਂ ਅਤੇ ਅਗਾਂਹਵਧੂ ਕਿਸਾਨਾਂ ਦੇ ਸਹਿਯੋਗ ਨਾਲ ਸਿਰਤੋੜ ਯਤਨ ਕੀਤੇ ਜਾਣਗੇ।
ਕੈਬਨਿਟ ਮੰਤਰੀ ਵੱਲੋਂ ਨਿਰਮਾਣ ਅਧੀਨ ਫਲਾਈਓਵਰ ਦਾ ਜਾਇਜ਼ਾ
ਨੰਗਲ (ਰਾਕੇਸ਼ ਸੈਣੀ): ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਵਿੱਚ ਬਣ ਰਹੇ ਫਲਾਈਓਵਰ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ‘ਆਪ’ ਆਗੁੂ ਡਾ. ਸੰਜੀਵ ਗੌਤਮ ਤੇ ਨਵਾਂ ਨੰਗਲ ਵਪਾਰ ਮੰਡਲ ਦੇ ਪ੍ਰਧਾਨ ਆਨੰਦ ਪੁਰੀ ਵੀ ਮੌਜੂਦ ਸਨ। ਇਸ ਮੌਕੇ ਸ੍ਰੀ ਬੈਂਸ ਨੇ ਫਲਾਈਓਵਰ ਬਣਾਉਣ ਵਾਲੀ ਕੰਪਨੀ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਤੇ ਕੰਮ ਬਾਰੇ ਜਾਣਕਾਰੀ ਲਈ। ਕੰਪਨੀ ਦੇ ਅਧਿਕਾਰੀ ਰਿਸ਼ਵ ਜੈਨ ਨੇ ਦੱਸਿਆ ਕਿ ਲਗਪਗ 85 ਫੀਸਦ ਕੰਮ ਹੋ ਚੁੱਕਿਆ ਹੈ ਤੇ ਬਾਕੀ ਰਹਿੰਦਾ ਕੰਮ ਜਨਵਰੀ 2023 ਤੱਕ ਮੁਕੰਮਲ ਕਰ ਲਿਆ ਜਾਵੇਗਾ। ਸ੍ਰੀ ਬੈਂਸ ਨੇ ਕੰਪਨੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫਲਾਈਓਵਰ ਦਾ ਕੰਮ ਤੇਜ਼ੀ ਨਾਲ ਨੇਪਰੇ ਚਾੜਿ੍ਹਆ ਜਾਵੇ।