ਪੱਤਰ ਪ੍ਰੇਰਕ
ਬਠਿੰਡਾ, 1 ਫਰਵਰੀ
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਅਕਾਲੀ-ਬਸਪਾ ਗੱਠਜੋੜ ਦੇ ਬਠਿੰਡਾ ਤੋਂ ਉਮੀਦਵਾਰ ਸਰੂਪ ਚੰਦ ਸਿੰਗਲਾ ਦੇ ਹੱਕ ਵਿੱਚ ਅਮਰਪੁਰਾ ਅਤੇ ਪਰਸ ਰਾਮ ਨਗਰ ਵਿੱਚ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ। ਸਾਬਕਾ ਕੌਂਸਲਰ ਗੁਰਸੇਵਕ ਸਿੰਘ ਮਾਨ ਦੇ ਗ੍ਰਹਿ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਨੇ ਕਿਹਾ ਕਿ ਭਗਵੰਤ ਮਾਨ ਅਤੇ ਮਨਪ੍ਰੀਤ ਬਾਦਲ ਇੱਕੋ ਜਿਹੇ ਹਨ। ‘ਆਪ’ ਕਾਂਗਰਸ ਦੀ ਬੀ ਟੀਮ ਹੈ, ਜਿਸ ਦਾ ਸਬੂਤ 11 ਵਿਧਾਇਕਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਮਿਲਦਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਕਰੋੜਾਂ ਰੁਪਏ ਲੈ ਕੇ ਟਿਕਟਾਂ ਵੇਚੀਆਂ ਹਨ। ਉਨ੍ਹਾਂ ਖਜ਼ਾਨਾ ਮੰਤਰੀ ’ਤੇ ਵਰ੍ਹਦਿਆਂ ਕਿਹਾ ਮਨਪ੍ਰੀਤ ਬਾਦਲ ਦੀ ਸੋਚ ਮਾੜੀ ਹੈ। ਉਨ੍ਹਾਂ ਨੇ ਪੰਜਾਬ ਨੂੰ ਦੋਵੇਂ ਹੱਥੀਂ ਲੁੱਟਿਆ। ਉਨ੍ਹਾਂ ਆਪਣੀ ਆਮਦਨ ਤਾਂ ਦੁੱਗਣੀ ਕਰ ਲਈ ਪਰ ਪੰਜਾਬ ਦੇ ਲੋਕਾਂ ਲਈ ਖ਼ਜ਼ਾਨਾ ਖਾਲੀ ਰਿਹਾ। ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਸਰਕਾਰ ਆਉਣ ’ਤੇ ਨਸ਼ਾ ਤਸਕਰਾਂ ਨੂੰ ਨੱਥ ਪਾਈ ਜਾਵੇਗੀ।
ਸ੍ਰੀ ਸਿੰਗਲਾ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੇ ਦੌਰ ਵਿੱਚ ਵੀ ਮਨਪ੍ਰੀਤ ਬਾਦਲ ਅਤੇ ਉਨ੍ਹਾਂ ਦੇ ਸਾਲੇ ਜੋਜੋ ਨੇ ਨਿੱਜੀ ਵਪਾਰ ਕੀਤਾ ਤੇ ਲੋਕ ਭੁੱਖੇ ਮਰਦੇ ਰਹੇ। ਉਨ੍ਹਾਂ ‘ਆਪ’ ਉਮੀਦਵਾਰ ਜਗਰੂਪ ਸਿੰਘ ਗਿੱਲ ਨੂੰ ਕਾਂਗਰਸ ਦੀ ‘ਬੀ’ ਟੀਮ ਕਰਾਰ ਦਿੰਦਿਆਂ ਕਿਹਾ ਕਿ ਮਨਪ੍ਰੀਤ ਬਾਦਲ ਦੀਆਂ ਧੱਕੇਸ਼ਾਹੀਆਂ ਵਿੱਚ ਸ਼ਾਮਲ ਜਗਰੂਪ ਗਿੱਲ ਅੱਜ ਕਿਹੜੇ ਮੂੰਹ ਨਾਲ ਵੋਟਾਂ ਮੰਗ ਰਹੇ ਹਨ।