ਜਸਵੰਤ ਸਿੰਘ ਗਰੇਵਾਲ
ਚੀਮਾ ਮੰਡੀ, 27 ਸਤੰਬਰ
ਇੱਥੇ ਸੁਨਾਮ-ਮਾਨਸਾ ਮੁੱਖ ਸੜਕ ’ਤੇ ਭਾਰਤ ਬੰਦ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਦਿੱਤੇ ਧਰਨੇ ’ਚ ਵਿਸ਼ੇਸ਼ ਤੌਰ ’ਤੇ ਪੁੱਜੇ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਿਸਾਨਾਂ ਦੀ ਇਕਜੁੱਟਤਾ ਨਾਲ ਦਿੱਲੀ ਸੰਘਰਸ਼ ਜਿੱਤ ਵੱਲ ਵੱਧ ਰਿਹਾ ਹੈ ਅਤੇ ਭਾਰਤ ਦੇ ਕਿਸਾਨ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਸਾਹ ਲੈਣਗੇ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਪੰਜਾਬ, ਹਰਿਆਣਾ, ਯੂਪੀ ਤੋਂ ਸ਼ੁਰੂ ਹੋ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪਹੁੰਚ ਗਿਆ ਹੈ ਅਤੇ ਇਸ ਸੰਘਰਸ਼ ਨਾਲ ਦੇਸ਼ ਦੇ ਲੋਕ ਇਕਜੁੱਟ ਹੋ ਕੇ ਮੋਦੀ ਸਰਕਾਰ ਦੀ ਲੁੱਟ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਅਤੇ ਬੰਗਲਾਦੇਸ਼ ਸਮੇਤ ਹੋਰ ਵਿਦੇਸ਼ੀ ਮੁਲਕਾਂ ਵਿੱਚ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਪਰ ਭਾਜਪਾ ਆਗੂ ਹਾਲੇ ਵੀ ਖੇਤੀ ਕਾਨੂੰਨਾਂ ਨੂੰ ਕਿਰਤੀਆਂ ਅਤੇ ਕਿਸਾਨਾਂ ਲਈ ਲਾਹੇਵੰਦ ਦੱਸ ਰਹੇ ਹਨ। ਸ੍ਰੀ ਉਗਰਾਹਾਂ ਨੇ ਭਾਜਪਾ ਲੀਡਰਾਂ ਨੂੰ ਪਿੰਡ ਦੀਆਂ ਸੱਥਾਂ ਵਿੱਚ ਆ ਕੇ ਇਨ੍ਹਾਂ ਕਾਨੂੰਨਾਂ ਦਾ ਪ੍ਰਚਾਰ ਕਰਨ ਦਾ ਸੱਦਾ ਦਿੱਤਾ।