ਖੇਤਰੀ ਪ੍ਰਤੀਨਿਧ
ਪਟਿਆਲਾ, 22 ਅਗਸਤ
ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਫਾਰਮਾਸਿਸਟਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਵਲੋਂ ਸੂਬਾਈ ਹੜਤਾਲ਼ ਕਰਕੇ ਪੰਜਾਬ ਭਰ ’ਚ ਜ਼ਿਲ੍ਹਾ ਪੱਧਰ ’ਤੇ ਦਿੱਤੇ ਜਾ ਰਹੇ ਧਰਨੇ ਅੱਜ 63ਵੇਂ ਦਿਨ ਵੀ ਸ਼ਾਮਲ ਗਏ। ਇਸੇ ਕੜੀ ਵਜੋਂ ਜ਼ਿਲ੍ਹਾ ਪਰਿਸ਼ਦ ਦਫ਼ਤਰ ਪਟਿਆਲਾ ਵਿੱਚ ਵੀ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਸੌਜਾ ਦੀ ਅਗਵਾਈ ਹੇਠਾ ਧਰਨਾ ਦਿੱਤਾ ਗਿਆ, ਜਿਸ ਨੂੰ ਸੰਬੋਧਨ ਕਰਦਿਆਂ, ਜਥੇਬੰਦੀ ਦੇ ਸੂਬਾਈ ਮੀਤ ਪ੍ਰਧਾਨ ਸਵਰਤ ਸ਼ਰਮਾ ਅਤੇ ਹੋਰਾਂ ਨੇ ਕਿਹਾ ਕਿ ਪੰਜਾਬ ਭਰ ਦੀਆਂ 1186 ਪੇਂਡੂ ਸਿਹਤ ਡਿਸਪੈਂਸਰੀਆਂ ਵਿਚਲੇ ਫਾਰਮਾਸਿਸਟ ਅਤੇ ਦਰਜਾ ਚਾਰ ਮੁਲਾਜ਼ਮਾਂ ਦੀ ਹੜਤਾਲ ਅਤੇ ਧਰਨਿਆਂ ਨੂੰ ਦੋ ਮਹੀਨਿਆਂ ਤੋਂ ਵੀ ਵੱਧ ਸਮਾਂ ਹੋ ਗਿਆ ਹੈ। ਉਨ੍ਹਾਂ ਕਿਹਾ ਚੌਦਾਂ ਸਾਲਾਂ ਤੋਂ ਫਾਰਮਾਸਿਸਟ 10 ਹਜ਼ਾਰ ਰੁਪਏ ਅਤੇ ਦਰਜਾ ਚਾਰ 4500 ਮਹੀਨਾ ਤਨਖਾਹ ’ਤੇ ਸੇਵਾਵਾਂ ਦੇ ਰਹੇ ਹਨ। ਸਮੂਹ ਫਾਰਮਾਸਿਸਟ ਆਪਣੀ ਵਿੱਦਿਅਕ ਯੋਗਤਾ ਸਮੇਤ ਰੈਗੂਲਰ ਹੋਣ ਲਈ ਸਾਰੀਆਂ ਜ਼ਰੂਰੀ ਸ਼ਰਤਾਂ ਪੂਰੀਆਂ ਕਰਦੇ ਹਨ। ਬੁਲਾਰਿਆਂ ਦਾ ਕਹਿਣਾ ਸੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਅਗਲੇ ਦਿਨਾਂ ’ਚ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਫਾਰਮੇਸੀ ਅਫਸਰ ਬਬੀਤਾ ਰਾਣੀ, ਅਜੀਤਾ ਰਾਣੀ, ਗੁਰਸੇਵਕ ਸਿੰਘ, ਕਮਲ ਅਵਸਥੀ, ਨਰਿੰਦਰ ਸਰਮਾ, ਦਲਬੀਰ ਸਿੰਘ, ਗੁਰਦਰਸ਼ਨ ਸਿੰਘ ਆਦਿ ਹਾਜ਼ਰ ਸਨ।