ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਮਾਰਚ
ਸ੍ਰੀ ਹਰਿਮੰਦਰ ਸਾਹਿਬ ਆਏ ਯਾਤਰੂ ਨੂੰ ਦੋ ਅਣਪਛਾਤੇ ਵਿਅਕਤੀਆਂ ਨੇ ਕੋਈ ਜ਼ਹਿਰੀਲੀ ਚੀਜ਼ ਖਵਾ ਕੇ ਲੁੱਟ ਲਿਆ। ਬਾਅਦ ਵਿੱਚ ਪੀੜਤ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖਤ ਪਿਆਰਾ ਸਿੰੰਘ ਵਾਸੀ ਕਲਾਨੌਰ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਲੁਟੇਰੇ ਇਸ ਵਿਅਕਤੀ ਦੀ ਸੋਨੇ ਦੀ ਮੁੰਦਰੀ ਅਤੇ ਮੋਬਾਈਲ ਫੋਨ ਵੀ ਲੈ ਗਏ। ਪਿਆਰਾ ਸਿੰਘ ਦੀ ਪਤਨੀ ਸੁਰਜੀਤ ਕੌਰ ਨੇ ਪੁਲੀਸ ਨੂੰ ਦੱਸਿਆ ਕਿ ਉਹ ਬੀਤੀ ਸ਼ਾਮ ਹਰਿਮੰਦਰ ਸਾਹਿਬ ਮੱਥਾ ਟੇਕਣ ਮਗਰੋਂ ਟੈਂਪਲ ਪਲਾਜ਼ਾ ਵਿੱਚ ਬੈਠੇ ਸਨ, ਜਿਥੇ ਪਹਿਲਾਂ ਤੋਂ ਮੌਜੂਦ ਦੋ ਵਿਅਕਤੀਆਂ ਨੇ ਉਸ ਦੇ ਪਤੀ ਨੂੰ ਖਾਣ ਲਈ ਲੱਡੂ ਦਿੱਤਾ, ਜਿਸ ਮਗਰੋਂ ਪਿਆਰਾ ਸਿੰਘ ਦੀ ਤਬੀਅਤ ਵਿਗੜ ਗਈ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਪਿਆਰਾ ਸਿੰਘ ਦੀ ਮੌਤ ਹੋ ਗਈ। ਥਾਣਾ ਕੋਤਵਾਲੀ ਦੇ ਮੁਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਕੇਸ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।