ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਸਤੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਸੂਬੇ ’ਚ ਨਰਮੇ ਦੀ ਫ਼ਸਲ ਨੂੰ ਹੋਏ ਭਾਰੀ ਨੁਕਸਾਨ ’ਤੇ ਗਹਿਰੀ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਨਰਮੇ ਦੀ ਬਿਜਾਈ ਦਾ ਸਮਾਂ ਬੀਤ ਗਿਆ ਹੈ। ਹੁਣ ਨਵੀਂ ਫ਼ਸਲ ਦੀ ਬਿਜਾਈ ਨਹੀਂ ਕੀਤੀ ਜਾ ਸਕਦੀ। ਇਸ ਲਈ ਸਰਕਾਰ ਨੂੰ ਕਿਸਾਨਾਂ ਦੇ ਹੋਏ ਨੁਕਸਾਨ ਦਾ 100 ਫ਼ੀਸਦੀ ਮੁਆਵਜ਼ਾ ਮਿਲਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ ਅਤੇ ਹੋਰਨਾਂ ਜ਼ਿਲ੍ਹਿਆਂ ’ਚ ਗੁਲਾਬੀ ਸੁੰਡੀ ਦਾ ਹਮਲਾ ਬਾਦਲ ਸਰਕਾਰ ਦੌਰਾਨ 2015 ’ਚ ਹੋਏ ਚਿੱਟੀ ਮੱਖੀ ਕੀਟਨਾਸ਼ਕ ਕਥਿਤ ਘਪਲੇ ਦੇ ਬਰਾਬਰ ਹੈ। ਸੱਤਾਧਾਰੀ ਸਰਕਾਰ ਦੀ ਲਾਪ੍ਰਵਾਹੀ ਕਾਰਨ ਮਾਲਵਾ ਖੇਤਰ ’ਚ ਨਰਮੇ ਦੀ ਪੂਰੀ ਫ਼ਸਲ ਨਸ਼ਟ ਹੋ ਗਈ ਹੈ। ਕਿਸਾਨਾਂ ਵੱਲੋਂ ਕਈ-ਕਈ ਵਾਰ ਕੀਟਨਾਸ਼ਕ ਦਵਾਈਆਂ ਦਾ ਛਿੜਕਾਅ ਕਰਨ ਦੇ ਬਾਵਜੂਦ ਗੁਲਾਬੀ ਸੁੰਡੀ ਦਾ ਕਹਿਰ ਖ਼ਤਮ ਨਹੀਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਟੀ ਕਾਟਨ ਦੇ ਬੀਜ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਕਿਸਮਾਂ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਨਿਗਰਾਨੀ ’ਚ ਉਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।
‘ਆਪ’ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਦੀ ਫ਼ਸਲ ਦੇ ਨੁਕਸਾਨ ਦੀ ਗਿਦਾਵਰੀ ਕਰਾਉਣ ਲਈ ਪ੍ਰਤੀ ਏਕੜ ਨੂੰ ਇੱਕ ਇਕਾਈ ਮੰਨਿਆ ਜਾਣਾ ਚਾਹੀਦਾ ਹੈ। ਪੀੜਤ ਕਿਸਾਨਾਂ ਨੂੰ ਘੱਟ ਤੋਂ ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ ਚਾਹੀਦਾ ਹੈ।