ਜੋਗਿੰਦਰ ਸਿੰਘ ਮਾਨ/ਜੀਵਨ ਕ੍ਰਾਂਤੀ
ਮਾਨਸਾ/ਝੁਨੀਰ, 22 ਜੂਨ
ਖੇਤੀਬਾੜੀ ਵਿਭਾਗ ਦੇ ਦਾਅਵਿਆਂ ਦੇ ਬਾਵਜੂਦ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਦਿਨੋ-ਦਿਨ ਵਧਣ ਲੱਗਿਆ ਹੈ। ਮਾਨਸਾ ਜ਼ਿਲ੍ਹੇ ਦੇ ਭਲਾਈਕੇ ਪਿੰਡ ਵਿੱਚ ਅੱਜ ਕਿਸਾਨ ਕੁਲਦੀਪ ਸਿੰਘ ਨੇ ਕੋਈ ਹੋਰ ਚਾਰਾ ਨਾ ਚੱਲਦਿਆਂ ਦੇਖ ਗੁਲਾਬੀ ਸੁੰਡੀ ਤੋਂ ਤੰਗ ਆ ਕੇ ਲਗਪਗ ਦੋ ਏਕੜ ਰਕਬੇ ਵਿੱਚ ਖੜ੍ਹੇ ਨਰਮੇ ਨੂੰ ਵਾਹ ਦਿੱਤਾ।
ਇਸ ਤੋਂ ਪਹਿਲਾਂ ਵੀ ਪਿੰਡ ਦੇ ਕਈ ਕਿਸਾਨਾਂ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨਰਮੇ ਦੀ ਫ਼ਸਲ ਵਾਹ ਦਿੱਤੀ ਸੀ। ਭਾਵੇਂ ਖੇਤੀ ਅਧਿਕਾਰੀਆਂ ਨੇ ਨਰਮਾ ਵਾਹੁਣ ਤੋਂ ਪਹਿਲਾਂ ਅਤੇ ਪਿੱਛੋਂ ਪ੍ਰਭਾਵਿਤ ਖੇਤਾਂ ਦਾ ਦੌਰਾ ਕੀਤਾ ਸੀ ਪਰ ਇਸ ਦੇ ਬਾਵਜੂਦ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਗੁਲਾਬੀ ਸੁੰਡੀ ਤੋਂ ਬਚਾਅ ਲਈ ਕਿਸੇ ਵੀ ਕੀੜੇਮਾਰ ਦਵਾਈ ਦਾ ਪ੍ਰਬੰਧ ਨਹੀਂ ਕੀਤਾ ਗਿਆ ਹੈ।
ਅੱਜ ਪਿੰਡ ਭਲਾਈਕੇ ਵਿੱਚ ਨਰਮੇ ਦੀ ਫ਼ਸਲ ਵਾਹੁਣ ਵਾਲੇ ਕਿਸਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਸਰ੍ਹੋਂ ਦੀ ਫ਼ਸਲ ਵੱਢ ਕੇ ਅਗੇਤਾ ਨਰਮਾ ਬੀਜਿਆ ਸੀ, ਜਿਸ ’ਤੇ ਗੁਲਾਬੀ ਸੁੰਡੀ ਦਾ ਹਮਲਾ ਹੋ ਗਿਆ ਹੈ। ਮਹਿੰਗੇ ਭਾਅ ਦੇ ਬੀਜ, ਗੁਡਾਈ ਅਤੇ ਰੇਹਾਂ-ਸਪਰੇਆਂ ’ਤੇ ਮੋਟੀ ਰਕਮ ਖ਼ਰਚਣ ਮਗਰੋਂ ਗੁਲਾਬੀ ਸੁੰਡੀ ਤੋਂ ਤੰਗ ਆ ਕੇ ਹੀ ਉਸ ਨੇ ਨਰਮੇ ਦੀ ਫ਼ਸਲ ਵਾਹੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਮੱਖਣ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਨਰਮੇ ਦਾ ਪ੍ਰਤੀ ਏਕੜ 60,000 ਰੁਪਏ ਮੁਆਵਜ਼ਾ ਦੇਣਾ ਚਾਹੀਦਾ ਹੈ ਕਿਉਂਕਿ ਪਿਛਲੇ ਸਾਲ ਵੀ ਗੁਲਾਬੀ ਸੁੰਡੀ ਦੀ ਲਪੇਟ ਵਿੱਚ ਆਉਣ ਕਾਰਨ ਕਿਸਾਨਾਂ ਦਾ ਵੱਡਾ ਆਰਥਿਕ ਨੁਕਸਾਨ ਹੋਇਆ ਸੀ ਅਤੇ ਇਸ ਵਾਰ ਫਿਰ ਵੱਡਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਝੁਨੀਰ ਰਕਬੇ ਦਾ ਧਰਤੀ ਹੇਠਲਾ ਪਾਣੀ ਬਹੁਤ ਮਾੜਾ ਹੈ ਅਤੇ ਨਹਿਰੀ ਪਾਣੀ ਨਾਮਾਤਰ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਹੁਣ ਖੇਤਾਂ ਵਿੱਚ ਹੋਰ ਕੋਈ ਫ਼ਸਲ ਵੀ ਨਹੀਂ ਬੀਜੀ ਜਾ ਸਕਦੀ ਅਤੇ ਇਸ ਔਖੀ ਘੜੀ ਵਿੱਚ ਸਰਕਾਰ ਨੂੰ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ।
ਮੁੱਖ ਮੰਤਰੀ ਵੱਲੋਂ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕਦਮ ਚੁੱਕਣ ਦੇ ਨਿਰਦੇਸ਼
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਤੀਬਾੜੀ ਵਿਭਾਗ ਨੂੰ ਮਾਲਵਾ ਪੱਟੀ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਵਿਭਾਗ ਨੂੰ ਕਪਾਹ ਪੱਟੀ ਵਿੱਚ ਪੱਕੇ ਤੌਰ ’ਤੇ ਆਪਣੀਆਂ ਟੀਮਾਂ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ, ਜਿਸ ਨਾਲ ਗੁਲਾਬੀ ਸੁੰਡੀ ਦੇ ਹਮਲੇ ਨੂੰ ਸ਼ੁਰੂਆਤੀ ਪੜਾਅ ’ਤੇ ਹੀ ਰੋਕਿਆ ਜਾ ਸਕੇ। ਮਾਨ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਇਹ ਯਕੀਨੀ ਬਣਾਏ ਕਿ ਕਿਸਾਨਾਂ ਦਾ ਕੋਈ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਟੀਮਾਂ ਕਿਸਾਨਾਂ ਨਾਲ ਸਲਾਹ ਕਰਕੇ ਲੋੜੀਂਦੀ ਕਾਰਵਾਈ ਕਰਨ, ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।