ਮਿਹਰ ਸਿੰਘ
ਕੁਰਾਲੀ, 7 ਅਗਸਤ
ਵਾਤਾਵਰਨ ਨੂੰ ਸ਼ੁੱਧ ਤੇ ਹਰਿਆ-ਭਰਿਆ ਬਣਾਉਣ ਦੇ ਮਨੋਰਥ ਨਾਲ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਟਰੱਸਟ ਵੱਲੋਂ ਸ਼ਹਿਰ ਦੀ ਸਿੰਘਪੁਰਾ ਰੋਡ ’ਤੇ ਸਟੇਡੀਅਮ ਵਿੱਚ ਪਈ ਖਾਲੀ ਜਗ੍ਹਾ ਨੂੰ ਗੁਰੂ ਨਾਨਕ ਜੰਗਲ (ਨਾਨਕ ਬਗੀਚੀ) ਦੇ ਤੌਰ ’ਤੇ ਵਿਕਸਿਤ ਕਰਨ ਦਾ ਬੀੜਾ ਚੁੱਕਿਆ ਗਿਆ ਹੈ। ਇਸ ਮਨੋਰਥ ਲਈ ਪਹਿਲੇ ਦਿਨ 507 ਪੌਦੇ ਲਗਾ ਦੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸਥਾਨਕ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਗੁਰਦੀਪ ਸਿੰਘ ਨੇ ਦੱਸਿਆ ਕਿ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਆਈਏਐੱਸ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਵਾਤਾਵਰਨ ਦੀ ਸੰਭਾਲ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਟਰੱਸਟ ਵੱਲੋਂ ਗੁਰੂ ਨਾਨਕ ਜੰਗਲ (ਨਾਨਕ ਬਗੀਚੀ) ਲਗਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸੇ ਮੁਹਿੰਮ ਦੇ ਤਹਿਤ ਹੀ ਸਥਾਨਕ ਨਗਰ ਕੌਂਸਲ ਵੱਲੋਂ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਟਰੱਸਟ ਦੇ ਸਹਿਯੋਗ ਨਾਲ ਸ਼ਹਿਰ ਦੇ ਵਿਚ ਪੌਦੇ ਲਗਾਉਣ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਸਬੰਧੀ ਹੋਏ ਵਿੱਚ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬਾਬਾ ਦਵਿੰਦਰ ਸਿੰਘ ਵੱਲੋਂ ਸਟੇਡੀਅਮ ਦੀ ਖਾਲੀ ਪਈ ਜਗ੍ਹਾ ਵਿੱਚ ਪੌਦੇ ਲਗਾਉਣ ਦੀ ਸ਼ੁਰੂਆਤ ਅਰਦਾਸ ਕਰਕੇ ਕੀਤੀ।
ਇਸ ਮੌਕੇ ਸੈਨੇਟਰੀ ਇੰਸਪੈਕਟਰ ਰਾਜਿੰਦਰ ਸ਼ਰਮਾ ਤੇ ਦਰਸ਼ਨ ਕੁਮਾਰ, ਸੈਨੇਟਰੀ ਸੁਪਰਵਾਈਜ਼ਰ ਸ਼ੇਰ ਸਿੰਘ, ਕੌਂਸਲ ਦੇ ਕਰਮਚਾਰੀ ਤੇ ਹੋਰ ਪਤਵੰਤੇ ਹਾਜ਼ਰ ਸਨ।