ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਜੂਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਵਿਭਾਗ ਨੂੰ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਦੇ ਪਹਿਲੇ ਪੜਾਅ ਤਹਿਤ 50 ਪਿੰਡਾਂ ਲਈ ਸੂਬੇ ਦੀ ਹਿੱਸੇਦਾਰੀ ਦੇ 10.50 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਐਸਏਐਸ ਨਗਰ (ਮੁਹਾਲੀ), ਬਰਨਾਲਾ, ਫਾਜ਼ਿਲਕਾ, ਪਠਾਨਕੋਟ, ਤਰਨ ਤਾਰਨ ਅਤੇ ਮਾਲੇਰਕੋਟਲਾ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨਾਂ ਦੀ ਉਸਾਰੀ ਲਈ ਤੁਰੰਤ ਜ਼ਮੀਨ ਮੁਹੱਈਆ ਕਰਵਾਉਣ ਲਈ ਵੀ ਮੁੱਖ ਸਕੱਤਰ ਨੂੰ ਆਖਿਆ ਹੈ। ਉਨ੍ਹਾਂ ਕਿਹਾ ਕਿ ਇਸ ਬਾਬਤ ਸਬੰਧਤ ਡਿਪਟੀ ਕਮਿਸ਼ਨਰਾਂ ਨਾਲ ਤਾਲਮੇਲ ਕੀਤਾ ਜਾਵੇ। ਮੁੱਖ ਸਕੱਤਰ ਨੇ ਦੱਸਿਆ ਕਿ ਮੁਹਾਲੀ ’ਚ ਅੰਬੇਡਕਰ ਭਵਨ ਲਈ ਜ਼ਮੀਨ ਗਮਾਡਾ ਮੁਹੱਈਆ ਕਰਵਾਏਗੀ। ਮੁੱਖ ਮੰਤਰੀ ਨੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਸਬੰਧੀ ਵਰਚੁਅਲ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਰ੍ਹੇ 2017-18 ਤੋਂ ਲੈ ਕੇ 2019-20 ਤੱਕ ਦੇ ਸਮੇਂ ਲਈ 1563 ਕਰੋੜ ਦੀ ਐੱਸਸੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਅਧੀਨ ਬਣਦੀ ਰਾਸ਼ੀ ਨਾ ਦਿੱਤੇ ਜਾਣ ਦਾ ਮੁੱਦਾ ਉਹ ਫਿਰ ਕੇਂਦਰ ਸਰਕਾਰ ਕੋਲ ਉਠਾਉਣਗੇ। ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ 12 ਨਵੇਂ ਸਥਾਪਤ ਕੀਤੇ ਗਏ ਬੋਰਡਾਂ ਨੂੰ ਸਰਕਾਰੀ ਰਿਹਾਇਸ਼ ਮੁਹੱਈਆ ਕਰਵਾਏ ਜਾਣ ਦੇ ਵੀ ਨਿਰਦੇਸ਼ ਦਿੱਤੇ। ਇਸ ਦੌਰਾਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵ ਨੇ ਦੱਸਿਆ ਕਿ ਐੱਸਸੀ ਲਾਭਪਾਤਰੀਆਂ ਦੇ 45.41 ਕਰੋੜ ਰੁਪਏ ਅਤੇ ਬੀਸੀ ਕੈਟਾਗਰੀ ਲਈ 6.59 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ।