ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਜੂਨ
ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ 8 ਸਾਲਾਂ ਦੇ ਕਾਰਜਕਾਲ ਦੌਰਾਨ ਮੁਲਕ ਅੰਦਰ ਸਹੀ ਅਰਥਾਂ ਵਿੱਚ ਗਰੀਬਾਂ, ਕਿਸਾਨਾਂ ਤੇ ਦਲਿਤਾਂ ਦਾ ਰਾਜ ਸਥਾਪਤ ਕੀਤਾ ਹੈ। ਸਰਕਾਰ ਦੇ 8 ਵਰ੍ਹੇ ਪੂਰੇ ਹੋਣ ’ਤੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਭਾਰਤ ਤੇਜ਼ੀ ਨਾਲ ਸਵੈ-ਨਿਰਭਰਤਾ ਵੱਲ ਵੱਧ ਰਿਹਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਪੰਜਾਬ ਸਰਕਾਰ ਲੋਕਾਂ ਤੱਕ ਨਹੀਂ ਪਹੁੰਚਾ ਰਹੀ। ਸ੍ਰੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਲ-ਨਾਲ ਬਹੁਤ ਹੀ ਸੰਵੇਦਨਸੀਲ ਸੂਬਾ ਵੀ ਹੈ, ਜਿੱਥੇ ਭਾਰਤ ਵਿਰੋਧੀ ਤਾਕਤਾਂ ਪੰਜਾਬ ’ਚ ਅਮਨ-ਸਾਂਤੀ ਤੇ ਭਾਈਚਾਰਕ ਸਾਂਝ ਵਾਲੇ ਮਾਹੌਲ ਨੂੰ ਖ਼ਤਮ ਕਰਨ ਲਈ ਹਰ ਸੰਭਵ ਯਤਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਨਰਿੰਦਰ ਮੋਦੀ ਦਾ ਖਾਸ ਮੋਹ ਹੋਣ ਕਰਕੇ ਉਨ੍ਹਾਂ ਸਿੱਖਾਂ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ। ਇਸੇ ਤਰ੍ਹਾਂ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਦੇ ਹੋਏ ਪ੍ਰਧਾਨ ਮੰਤਰੀ ਨੇ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਮੋਦੀ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ 84 ਦੋਸ਼ੀਆਂ ਨੂੰ ਕਾਨੂੰਨ ਰਾਹੀਂ ਸਜ਼ਾਵਾਂ ਦਿਵਾਈਆਂ ਤੇ ਦੰਗਾ ਪੀੜਤਾਂ ਨੂੰ 5-5 ਲੱਖ ਰੁਪਏ ਦੀ ਵਾਧੂ ਆਰਥਿਕ ਸਹਾਇਤਾ ਦਿੱਤੀ ਹੈ।