ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 8 ਅਕਤੂਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਅੱਗੇ ਧਰਨਾ ਦੇ ਰਹੇ ਕਿਸਾਨਾਂ ਨੇ ਅੱਜ ਇਥੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। 31 ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਕਿਰਤੀ ਕਿਸਾਨ ਯੂਨੀਅਨ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਾਰਕੁਨਾਂ ਵੱਲੋਂ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾ ਰਿਹਾ ਹੈ, ਜੋ ਅੱਜ 8ਵੇਂ ਦਿਨ ਵੀ ਜਾਰੀ ਰਿਹਾ। ਅੱਜ ਕਿਸਾਨਾਂ ਨੇ ਰਿਆਲਟੋ ਚੌਕ ਵਿੱਚ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਜਤਿੰਦਰ ਸਿੰਘ ਛੀਨਾ, ਭੁਪਿੰਦਰ ਸਿੰਘ ਤਖਤਮੱਲ ਅਤੇ ਕੰਵਲਪ੍ਰੀਤ ਸਿੰਘ ਪੰਨੂ ਨੇ ਮੋਦੀ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਆਪਣੇ ਸਿਆਸੀ ਹਿੱਤਾਂ ਦੀ ਖਾਤਰ ਦੇਸ਼ ਦੇ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਕੋਲ ਵੇਚਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਦੇਸ਼ ਵਿੱਚ ਅੰਨ ਦਾ ਸੰਕਟ ਪੈਦਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਸੱਦਾ ਦਿੱਤਾ ਕਿ ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਲੰਮੀ ਲੜਾਈ ਲੜਨ ਵਾਸਤੇ ਤਿਆਰ ਰਹਿਣ।
ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਖ਼ਿਲਾਫ਼ ਲਗਾਤਾਰ ਪ੍ਰਦਰਸ਼ਨ ਜਾਰੀ ਹਨ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕੇਂਦਰ ਦੀਆਂ ਨੀਤੀਆਂ ਖ਼ਿਲਾਫ਼ ਡਟਣ ਦਾ ਸੁਨੇਹਾ ਦਿੱਤਾ।