ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 4 ਅਗਸਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰੇਦਸ਼ਾਂ ’ਤੇ ਕੇਂਦਰੀ ਮੰਤਰੀ ਓਪੀ ਸੋਨੀ, ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਸੁਖਵਿੰਦਰ ਸਿੰਘ ਡੈਨੀ, ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਵਿਧਾਇਕ ਚੱਬੇਵਾਲ ਰਾਜ ਕੁਮਾਰ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਧਰੁਵ ਦਹੀਆ ਨੇ ਪਿੰਡ ਮੁੱਛਲ ਵਿਚ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰੇ 11 ਵਿਅਕਤੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਹਾਲ ਪੁੱਛਿਆ। ਇਸ ਮੌਕੇ ਕੈਬਨਿਟ ਮੰਤਰੀ ਓਪੀ ਸੋਨੀ ਨੇ ਕਿਹਾ ਕਿ ਕੈਪਟਨ ਸਰਕਾਰ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ। ਉਨ੍ਹਾਂ ਨੇ ਵਿਰੋਧੀ ਧਿਰ ਵੱਲੋਂ ਲਗਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਹਲਕਾ ਵਿਧਾਇਕ ਪੀੜਤਾਂ ਕੋਲ ਪਹੁੰਚੇ ਅਤੇ ਮਾਮਲੇ ਵਿਚ ਕਈ ਅਧਿਕਾਰੀ ਸਸਪੈਂਡ ਕੀਤੇ ਗਏ ਹਨ। ਸੰਸਦ ਮੈਂਬਰ ਡਿੰਪਾ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਦੇ ਮੁੱਖ ਤਸਕਰ ਲੱਭ ਲਏ ਗਏ ਹਨ। ਪੁਲੀਸ ਪ੍ਰੈੱਸ ਕਾਨਫਰੰਸ ਕਰ ਕੇ ਇਸ ਸਬੰਧੀ ਜਾਣਕਾਰੀ ਦੇਵੇਗੀ। ਪੁਲੀਸ ਦੀ ਮਿਲੀਭੁਗਤ ਸਬੰਧੀ ਉਨ੍ਹਾਂ ਕਿਹਾ ਕਿ ਫੜੀ ਗਈ ਮੁਲਜ਼ਮ ਬਲਵਿੰਦਰ ਕੌਰ ’ਤੇ ਪਹਿਲਾਂ ਹੀ ਦਰਜਨਾਂ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਵਿਚ ਜਿਸ ਕੈਮੀਕਲ ਦਾ ਪ੍ਰਯੋਗ ਕੀਤਾ ਜਾਂਦਾ ਹੈ, ਉਸ ਕੈਮੀਕਲ ਨੂੰ ਐੱਨਡੀਪੀਐੱਸ ਐਕਟ ਹੇਠ ਲਿਆਉਣ ਲਈ ਉਹ ਕੇਂਦਰੀ ਗ੍ਰਹਿ ਮੰਤਰੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਣਗੇ ਅਤੇ ਆਉਣ ਵਾਲੇ ਸੰਸਦ ਸੈਸ਼ਨ ਵਿੱਚ ਵੀ ਇਹ ਮੁੱਦਾ ਰੱਖਣਗੇ।