ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਦਸੰਬਰ
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਮਾਮਲੇ ਨੂੰ ਝੂਠਾ ਅਤੇ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਸਰਕਾਰ ਖ਼ਿਲਾਫ਼ ਹਰ ਤਰ੍ਹਾਂ ਦੀ ਲੜਾਈ ਲੜਨ ਦਾ ਐਲਾਨ ਕੀਤਾ ਹੈ। ਪਾਰਟੀ ਦੇ ਬੁਲਾਰੇ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰੰਘ ਰੋਮਾਣਾ ਨੇ ਕਿਹਾ ਕਿ ਕਾਂਗਰਸ ਸਰਕਾਰ ਬੁਖਲਾਹਟ ’ਚ ਆ ਗਈ ਹੈ ਤੇ ਮਜੀਠੀਆ ਖਿਲਾਫ਼ ਮਾਮਲਾ ਸਰਕਾਰ ਨੇ ਆਪਣੀਆਂ ਨਾਕਾਮੀਆਂ ’ਤੇ ਪਰਦਾ ਪਾਉਣ ਲਈ ਦਰਜ ਕੀਤਾ ਹੈ। ਉਨ੍ਹਾਂ ਆਖਿਆ ਕਿ ਇਸ ਮਾਮਲੇ ’ਚ ਜਨਤਾ ਦੀ ਕਚਿਹਰੀ ’ਚ ਕਾਨੂੰਨੀ ਲੜਾਈ ਲੜੀ ਜਾਵੇਗੀ। ਉਨ੍ਹਾਂ ਆਖਿਆ ਕਿ ਮਜੀਠੀਆ ਅੰਡਰ ਗਰਾਊਂਡ ਨਹੀਂ ਹੈ ਅਤੇ ਪੁਲੀਸ ਚਾਹੇ ਤਾਂ ਉਨ੍ਹਾਂ ਨੂੰ ਫੜ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਝੂਠਾ ਮਾਮਲਾ ਦਰਜ ਕਰਨ ਵਾਲੇ ਸਿਆਸੀ ਆਗੂਆਂ ਤੇ ਪੁਲੀਸ ਅਫ਼ਸਰਾਂ ਨੂੰ ਵੀ ਸਮਾਂ ਆਉਣ ’ਤੇ ਢੁਕਵਾਂ ਜਵਾਬ ਦਿੱਤਾ ਜਾਵੇਗਾ ਤੇ ਕਥਿਤ ਦੋਸ਼ ਲਾਇਆ ਕਿ ਨਵੇਂ ਡੀਜੀਪੀ ਨੇ ਮਜੀਠੀਆ ਖ਼ਿਲਾਫ ਕੇਸ ਦਰਜ ਕਰਨ ਵਾਸਤੇ ਸਾਰੇ ਨਿਯਮ ਕਾਨੂੰਨ ਛਿੱਕੇ ਟੰਗ ਦਿੱਤੇ ਹਨ। ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਜਿਸ ਦਾ ਕੇਸ ਦਾ ਨਿਪਟਾਰਾ ਅਦਾਲਤਾਂ ਵਿੱਚ ਹੋ ਗਿਆ ਹੈ, ਉਸ ਦੀ ਮੁੜ ਜਾਂਚ ਲਈ ਉਪਰਲੀ ਅਦਾਲਤ ਤੋਂ ਪ੍ਰਵਾਨਗੀ ਲਏ ਬਗ਼ੈਰ ਹੀ ਮੁੜ ਜਾਂਚ ਕੀਤੀ ਜਾ ਰਹੀ ਹੈ। ਰੋਮਾਣਾ ਨੇ ਮੰਗ ਕੀਤੀ ਹੈ ਕਿ ਐੱਸਟੀਐੱਫ ਮੁਖੀ ਹਰਪ੍ਰੀਤ ਸਿੱਧੂ ਦੀ ਰਿਪੋਰਟ ਸੌਂਪਣ ਤੋਂ ਬਾਅਦ ਹਾਈ ਕੋਰਟ ਦੇ ਕਹਿਣ ’ਤੇ ਹੋਈਆਂ ਦੋ ਜਾਂਚਾਂ ਦੀ ਰਿਪੋਰਟ ਜਨਤਕ ਕੀਤੀ ਜਾਵੇ। ਉਨ੍ਹਾਂ ਮੁਤਾਬਕ ਜਿਸ ਕੇਸ ਦੀ ਗੱਲ ਹਰਪ੍ਰੀਤ ਸਿੱਧੂ ਕਰ ਰਹੇ ਹਨ ਉਹ ਜਨਵਰੀ 2019 ’ਚ ਖਤਮ ਹੋ ਚੁੱਕਾ ਹੈ।