ਕੇ.ਪੀ ਸਿੰਘ
ਗੁਰਦਾਸਪੁਰ, 7 ਜੁਲਾਈ
ਇਥੋਂ ਦੇ ਜੱਜ ਦੇ ਘਰ ’ਚ ਹੋਈ ਚੋਰੀ ਦੇ ਮਾਮਲੇ ’ਚ 23 ਸਾਲਾ ਲੜਕੀ ’ਤੇ ਅਣਮਨੁੱਖੀ ਤਸ਼ੱਦਦ ਕਰਨ ਦੇ ਦੋਸ਼ ਹੇਠ ਐੱਸਐੱਸਪੀ ਵੱਲੋਂ ਥਾਣਾ ਮੁਖੀ ਗੁਰਮੀਤ ਸਿੰਘ, ਏਐੱਸਆਈ ਮੰਗਲ ਸਿੰਘ, ਏਐੱਸਆਈ ਅਸ਼ਵਨੀ ਕੁਮਾਰ ਅਤੇ ਮਹਿਲਾ ਜੱਜ ਦੀ ਸੁਰੱਖਿਆ ਵਿਚ ਤਾਇਨਾਤ ਏਐੱਸਆਈ ਸਰਵਣ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਇਸ ਦੇ ਚੱਲਦਿਆਂ ਕਿਸਾਨ ਸੰਗਠਨਾਂ ਵੱਲੋਂ ਮੁਲਜ਼ਮ ਪੁਲੀਸ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਪ੍ਰਦਰਸ਼ਨ ਜਾਰੀ ਹੈ। ਪ੍ਰਦਰਸ਼ਨਕਾਰੀਆਂ ਨੇ ਅੱਜ ਪੁਲੀਸ ਦਾ ਪੁਤਲਾ ਫ਼ੂਕ ਕੇ ਰੋਸ ਜ਼ਾਹਿਰ ਕੀਤਾ।
ਦੱਸਣਯੋਗ ਹੈ ਕਿ ਸ਼ਹਿਰ ਵਿੱਚ 24 ਜੂਨ ਨੂੰ ਇਕ ਮਹਿਲਾ ਜੱਜ ਦੇ ਘਰੋਂ 22 ਤੋਲੇ ਸੋਨੇ ਦੇ ਗਹਿਣੇ ਅਤੇ 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਥਾਣਾ ਸਿਟੀ ਪੁਲੀਸ ਵੱਲੋਂ 23 ਸਾਲਾ ਲੜਕੀ ਨੂੰ ਨਾਜਾਇਜ਼ ਹਿਰਾਸਤ ਵਿਚ ਰੱਖਿਆ ਗਿਆ। ਲੜਕੀ ਨੇ ਦੋਸ਼ ਲਾਇਆ ਸੀ ਕਿ ਥਾਣਾ ਮੁਖੀ ਅਤੇ ਉਸ ਦੇ ਸਾਥੀਆਂ ਨੇ ਉਸ ’ਤੇ ਦੋ ਦਿਨ ਅਣਮਨੁੱਖੀ ਤਸ਼ੱਦਦ ਕੀਤਾ। ਉਦੋਂ ਤੋਂ ਹੀ ਲੜਕੀ ਦੇ ਹੱਕ ਵਿੱਚ ਕਿਸਾਨ, ਮਸੀਹ ਤੇ ਹੋਰ ਜਨਤਕ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਜਾਰੀ ਹਨ। ਅੱਜ ਕਿਸਾਨਾਂ ਵੱਲੋਂ ਹਾਈਵੇਅ ’ਤੇ ਪੁਲੀਸ ਪ੍ਰਸ਼ਾਸਨ ਦਾ ਪੁਤਲਾ ਵੀ ਫੂਕਿਆ ਗਿਆ ਸੀ ਜਿਸ ਤੋਂ ਬਾਅਦ ਐੱਸਐੱਸਪੀ ਹਰੀਸ਼ ਕੁਮਾਰ ਨੇ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਗੁਰਦਾਸਪੁਰ ਦੇ ਮੁਖੀ ਸਣੇ ਚਾਰ ਪੁਲੀਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ। ਇਸ ਮਾਮਲੇ ਵਿਚ ਜਮਹੂਰੀ ਅਧਿਕਾਰ ਸਭਾ ਗੁਰਦਾਸਪੁਰ ਵੱਲੋਂ ਪੰਜ ਮੈਂਬਰੀ ਜਾਂਚ ਕਮੇਟੀ ਦਾ ਗਠਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਕਮੇਟੀ ਵਿੱਚ ਸ਼ਾਮਲ ਮੈਂਬਰ ਪੀੜਤ ਪਰਿਵਾਰ ਮੈਂਬਰਾਂ, ਕਿਸਾਨ ਯੂਨੀਅਨ ਦੇ ਆਗੂਆਂ, ਪੁਲੀਸ ਅਫ਼ਸਰਾਂ, ਪਿੰਡ ਦੇ ਮੋਹਤਬਰਾਂ, ਅਤੇ ਬਾਕੀ ਪਹਿਲੂਆਂ ਦੀ ਜਾਂਚ ਪੜਤਾਲ ਤੋਂ ਬਾਅਦ ਆਪਣੀ ਰਿਪੋਰਟ ਤਿਆਰ ਕਰਨਗੇ।
ਕਿਸਾਨਾਂ ਦਾ ਧਰਨਾ ਸਮਾਪਤ, ਕਾਰਵਾਈ ਨਾ ਕਰਨ ’ਤੇ ਮੁੜ ਧਰਨੇ ਦੀ ਚਿਤਾਵਨੀ
ਗੁਰਦਾਸਪੁਰ (ਪੱਤਰ ਪ੍ਰੇਰਕ): ਪੁਲੀਸ ਤਸ਼ਦੱਦ ਦੀ ਸ਼ਿਕਾਰ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਸਥਾਨਕ ਸਿਵਲ ਹਸਪਤਾਲ ਵਿਚ ਅਣਮਿੱਥੇ ਸਮੇਂ ਲਈ ਸ਼ੁਰੂ ਕੀਤਾ ਧਰਨਾ ਅੱਜ ਸਮਾਪਤ ਕਰ ਦਿੱਤਾ ਗਿਆ ਹੈ। ਜਥੇਬੰਦੀ ਦੇ ਸੂਬਾ ਆਗੂ ਪਰਮਜੀਤ ਸਿੰਘ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਹਰਦੀਪ ਸਿੰਘ ਫੌਜੀ ਨੇ ਦੱਸਿਆ ਕਿ ਪੁਲੀਸ ਪ੍ਰਸ਼ਾਸਨ ਵੱਲੋਂ ਪੀੜਤਾ ਉੱਤੇ ਤਸ਼ਦੱਦ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਨ ਅਤੇ ਇਨਸਾਫ਼ ਦੇਣ ਦਾ ਭਰੋਸਾ ਦੇਣ ਬਾਅਦ ਧਰਨਾ ਸਮਾਪਤ ਕੀਤਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ 10 ਜੁਲਾਈ ਤੱਕ ਕਾਰਵਾਈ ਅਮਲ ਵਿੱਚ ਨਾ ਲਿਆਂਦੀ ਗਈ ਤਾਂ ਐੱਸਐੱਸਪੀ ਦਫ਼ਤਰ ਅੱਗੇ ਧਰਨਾ ਲਾਇਆ ਜਾਵੇਗਾ।