ਜਸਵੰਤ ਜੱਸ
ਫ਼ਰੀਦਕੋਟ, 5 ਦਸੰਬਰ
ਮੁਕਤਸਰ ਜ਼ਿਲ੍ਹੇ ਵਿੱਚ ਇੱਕ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਫ਼ਰੀਦਕੋਟ ਵਿੱਚ ਡੇਰਾ ਸਿਰਸਾ ਦੀਆਂ ਬਰਾਂਚਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਸਾਰੇ ਡੇਰਾ ਪ੍ਰੇਮੀਆਂ ਦੀ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ ਜਿਨ੍ਹਾਂ ਦਾ ਨਾਮ ਬੇਅਦਬੀ ਕਾਂਡ ਵਿੱਚ ਸ਼ਾਮਲ ਹੈ। ਫਰੀਦਕੋਟ ਜ਼ਿਲ੍ਹੇ ਵਿੱਚ ਦਸ ਡੇਰਾ ਪ੍ਰੇਮੀਆਂ ਨੂੰ ਪੁਲੀਸ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਉਧਰ ਡੇਰਾ ਪ੍ਰੇਮੀਆਂ ਨੇ ਵੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ। ਉਨ੍ਹਾਂ ਵੱਲੋਂ ਇੱਥੇ ਹਫ਼ਤੇ ’ਚ ਅੱਜ ਦੂਜੀ ਵੱਡੀ ਸਰਗਰਮੀ ਕੀਤੀ ਗਈ। ਪਹਿਲੀ ਦਸੰਬਰ ਨੂੰ ਸਾਦਿਕ ਵਿੱਚ ਵੱਡਾ ਇਕੱਠ ਕੀਤਾ ਗਿਆ ਸੀ ਅਤੇ ਅੱਜ ਇੱਥੋਂ ਦੇ ਡੇਰੇ ਵਿੱਚ ਨਾਮ ਚਰਚਾ ਕੀਤੀ ਗਈ। ਇਸ ਮੌਕੇ ਪੁਲੀਸ ਨੇ ਡੇਰਾ ਪ੍ਰੇਮੀਆਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਵਾਈ।
ਜ਼ਿਲ੍ਹਾ ਪੁਲੀਸ ਮੁਖੀ ਵਰੁਣ ਸ਼ਰਮਾ ਨੇ ਕਿਹਾ ਕਿ ਪੁਲੀਸ ਸਾਰੀਆਂ ਧਾਰਮਿਕ ਸੰਸਥਾਵਾਂ ਨੂੰ ਸੁਰੱਖਿਆ ਮੁਹੱਈਆ ਕਰਵਾ ਰਹੀ ਹੈ। ਮੁਕਤਸਰ ਦੀ ਘਟਨਾ ਤੋਂ ਬਾਅਦ ਡੇਰਾ ਪ੍ਰੇਮੀਆਂ ਦੀ ਸੁਰੱਖਿਆ ਦਾ ਵਿਸ਼ੇਸ਼ ਖਿਆਲ ਰੱਖਿਆ ਜਾ ਰਿਹਾ ਹੈ। ਡੇਰਾ ਸਿਰਸਾ ਦੇ ਮੈਂਬਰ ਬਸੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਧਾਰਮਿਕ ਤੇ ਸਮਾਜਿਕ ਸਰਗਰਮੀਆਂ ਸ਼ੁਰੂ ਕੀਤੀਆਂ ਹੋਈਆਂ ਹਨ ਪਰ ਇਨ੍ਹਾਂ ਦਾ ਵਿਧਾਨ ਸਭਾ ਚੋਣਾਂ ਨਾਲ ਕੋਈ ਸਬੰਧ ਨਹੀਂ ਹੈ।
ਡੇਰੇ ਦੀਆਂ ਸਭਾਵਾਂ ਵਿੱਚ ਹੋ ਰਹੇ ਵੱਡੇ ਇਕੱਠ ਸਿਆਸੀ ਪਾਰਟੀਆਂ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਉਂਜ ਹਾਲੇ ਕੋਈ ਵੀ ਸਿਆਸੀ ਪਾਰਟੀ ਡੇਰਾ ਸਿਰਸਾ ਤੋਂ ਵੋਟਾਂ ਮੰਗਣ ਨਹੀਂ ਗਈ।
ਸੰਗਰੂਰ ਵਿਚ ਡੇਰਾ ਪ੍ਰੇਮੀਆਂ ਦਾ ਸ਼ਕਤੀ ਪ੍ਰਦਰਸ਼ਨ
ਸੰਗਰੂਰ (ਗੁਰਦੀਪ ਸਿੰਘ ਲਾਲੀ): ਡੇਰਾ ਸਿਰਸਾ ਪ੍ਰੇਮੀਆਂ ਵੱਲੋਂ ਅੱਜ ਇੱਥੋਂ ਦੇ ਨਾਨਕਿਆਣਾ ਚੌਕ ਵਿਚ ਕਰਵਾਏ ਗਏ ਸਮਾਗਮ ਦੌਰਾਨ ਚਾਰ ਸੌ ਵਿਅਕਤੀਆਂ ਨੂੰ ਗਰਮ ਕੱਪੜੇ ਵੰਡੇ ਗਏ। ਸਿਆਸੀ ਹਲਕਿਆਂ ਵਿਚ ਡੇਰਾ ਪ੍ਰੇਮੀਆਂ ਦੇ ਇਸ ਸਮਾਗਮ ਨੂੰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਸੰਦਰਭ ਵਿੱਚ ਸ਼ਕਤੀ ਪ੍ਰਦਰਸ਼ਨ ਵਜੋਂ ਵੇਖਿਆ ਜਾ ਰਿਹਾ ਹੈ। ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਵਿੰਗ ਵੱਲੋਂ ਅੱਜ ਕਰਵਾਏ ਗਏ ਸਮਾਗਮ ਵਿੱਚ ਉਪ ਕਪਤਾਨ ਪੁਲੀਸ ਅਮਰਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੌਰਾਨ ਚਾਰ ਸੌ ਤੋਂ ਵੱਧ ਲੋੜਵੰਦ ਵਿਅਕਤੀਆਂ ਨੂੰ ਗਰਮ ਕੱਪੜੇ ਤੇ ਹੋਰ ਸਾਮਾਨ ਵੰਡਿਆ ਗਿਆ। ਡੇਰੇ ਦੇ ਮੈਂਬਰ ਹਰਿੰਦਰ ਇੰਸਾਂ ਮੰਗਵਾਲ ਤੇ ਰਾਜਨੀਤਕ ਵਿੰਗ ਦੇ ਮੈਂਬਰ ਰਾਮਕਰਨ ਇੰਸਾਂ ਨੇ ਕਿਹਾ ਕਿ ਡੇਰਾ ਪ੍ਰੇਮੀਆਂ ਵੱਲੋਂ ਮਾਨਵਤਾ ਭਲਾਈ ਦੇ ਕੰਮ ਕੀਤੇ ਜਾਂਦੇ ਹਨ ਜਿਸ ਤਹਿਤ ਅੱਜ ਇਹ ਸਮਾਗਮ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਾਨਵਤਾ ਦੀ ਭਲਾਈ ਦੇ ਕਾਰਜ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੇ।