ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਅਗਸਤ
ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਪੁਲੀਸ ਦੇ 2500 ਦੇ ਕਰੀਬ ਮੁਲਾਜ਼ਮਾਂ ਨੇ ਸ਼ਹਿਰੀ ਤੇ ਪੇਂਡੂ ਖੇਤਰਾਂ ਦੀਆਂ ਸਾਰੀਆਂ 3,826 ਬੈਂਕਾਂ ਅਤੇ ਹੋਰ ਵਿੱਤੀ ਸੰੰਸਥਾਵਾਂ ’ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪੁਲੀਸ ਦੀਆਂ ਟੀਮਾਂ ਨੇ ਸਵੇਰ ਤੋਂ ਹੀ ਸੂਬੇ ਦੀਆਂ ਬੈਂਕਾਂ ਤੇ ਵਿੱਤੀ ਸੰਸਥਾਵਾਂ ’ਚ ਮੋਰਚੇ ਸਾਂਭ ਲਏ। ਉਨ੍ਹਾਂ 2,516 ਬੈਂਕਾਂ, 389 ਐੱਨਬੀਐੱਫਸੀ, 360 ਗੋਲਡ ਲੋਨ ਅਤੇ 561 ਮਨੀ ਐਕਸਚੇਂਜਰਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਪੁਲੀਸ ਨੇ ਬੈਂਕਾਂ ਦੇ ਸੁਰੱਖਿਆ ਪ੍ਰਬੰਧ, ਸੀਸੀਟੀਵੀ ਕੈਮਰੇ ਤੇ ਹੋਰ ਪ੍ਰਬੰਧਾਂ ਦੀ ਚੈਕਿੰਗ ਕੀਤੀ। ਉਨ੍ਹਾਂ ਵਿੱਤੀ ਸੰਸਥਾਵਾਂ ਵਿੱਚ ਤਾਇਨਾਤ ਸੁਰੱਖਿਆ ਕਰਮੀਆਂ ਨੂੰ ਹਰ ਸਮੇਂ ਮੁਸਤੈਦ ਰਹਿਣ ਦੇ ਨਿਰਦੇਸ਼ ਵੀ ਦਿੱਤੇ। ਵਿਸ਼ੇਸ਼ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਕਿਹਾ ਕਿ ਵਿੱਤੀ ਸੰਸਥਾਵਾਂ ਦੀ ਜਾਂਚ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਪੁਲੀਸ ਕਮਿਸ਼ਨਰ ਤੇ ਐੱਸਐੱਸਪੀਜ਼ ਦੀ ਦੇਖ-ਰੇਖ ਹੇਠ ਮੁਕੰੰਮਲ ਕੀਤੀ ਗਈ ਹੈ।