ਲਖਨਪਾਲ ਸਿੰਘ
ਮਜੀਠਾ, 13 ਮਈ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਖਿਆ ਕਿ ਪੰਜਾਬ ਨਸ਼ਿਆਂ ਦੇ ਖਾਤਮੇ ਲਈ ਪੁਲੀਸ, ਨਸ਼ਾ ਤਸਕਰਾਂ ਅਤੇ ਸਿਆਸਤਦਾਨਾਂ ਦਾ ਗੱਠਜੋੜ ਤੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਆਖਿਆ ਕਿ ਲੰਮਾ ਸਮਾਂ ਸੱਤਾ ’ਚ ਰਹਿਣ ਵਾਲੀਆਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੀਆਂ ਸਰਕਾਰਾਂ ਨਸ਼ਿਆਂ ਦੀ ਵਿਕਰੀ ਨੂੰ ਠੱਲ੍ਹ ਪਾਉਣ ਵਿਚ ਅਸਫ਼ਲ ਰਹੀਆਂ ਹਨ, ਜਿਸ ਕਰਕੇ ਪੰਜਾਬ ਹੁਣ ਤੱਕ ਨਸ਼ਾ ਮੁਕਤ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਹੁਣ ਜੇਕਰ ਮੌਜੂਦਾ ਸਰਕਾਰ ਸੂਬੇ ਵਿੱਚੋਂ ਸਹੀ ਮਾਅਨਿਆਂ ਵਿੱਚ ਨਸ਼ੇ ਖ਼ਤਮ ਕਰਨਾ ਚਾਹੁੰਦੀ ਹੈ ਤਾਂ ਉਸ ਲਈ ਵੀ ਉਕਤ ਤਾਲਮੇਲ ਤੋੜਨਾ ਲਾਜ਼ਮੀ ਹੋਵੇਗਾ। ਸ੍ਰੀ ਸਿੱਧੂ ਅੱਜ ਮਜੀਠਾ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਮਰਨ ਵਾਲੇ ਸਿਮਰਨਜੀਤ ਸਿੰਘ (22) ਦੇ ਪਿਤਾ ਜਸਬੀਰ ਸਿੰਘ ਨਾਲ ਦੁੱਖ ਸਾਂਝਾ ਕਰਨ ਆਏ ਸਨ।
ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ 60 ਦਿਨਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਨਸ਼ਿਆਂ ਕਾਰਨ ਕਰੀਬ 60 ਮੌਤਾਂ ਹੋ ਚੁੱਕੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਭਗਵੰਤ ਮਾਨ ਨਸ਼ਿਆਂ ਵਿਰੁੱਧ ਬਣੇ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਸ੍ਰੀਲੰਕਾ ਤੇ ਥਾਈਲੈਂਡ ਵਰਗੇ ਦੇਸ਼ਾਂ ਵਿੱਚ ਨਸ਼ਿਆਂ ਵਿਰੁੱਧ ਬਣੇ ਕਾਨੂੰਨ ਸਖ਼ਤੀ ਨਾਲ ਲਾਗੂ ਕੀਤੇ ਜਾਂਦੇ ਹਨ ਤੇ ਨਸ਼ਾ ਤਸਕਰਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਹੋਰਨਾਂ ਨੂੰ ਵੀ ਸਬਕ ਮਿਲ ਸਕੇ। ਉਨ੍ਹਾਂ ਕਿਹਾ ਕਿ ਉਹ ਨਸ਼ਿਆਂ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਮਿਲ ਕੇ ਹਰ ਮਾਮਲੇ ਸਬੰਧੀ ਪੂਰੀ ਜਾਣਕਾਰੀ ਇਕੱਤਰ ਕਰ ਰਹੇ ਹਨ ਤਾਂ ਜੋ ਸਹੀ ਘੋਖ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਸਬੰਧੀ ਅਹਿਮ ਖੁਲਾਸਾ ਕੀਤਾ ਜਾਵੇਗਾ।
ਜਾਣਕਾਰੀ ਅਨੁਸਾਰ ਪੰਜਾਬ ਰੋਜ਼ਾਨਾ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਹੋ ਰਹੀਆਂ ਹਨ ਅਤੇ ਲੋਕ ਨਸ਼ਾਂ ਤਸਕਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲੀਸ ਮੁਖੀਆਂ ਨਾਲ ਮੀਟਿੰਗ ਕਰਕੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਇਸ ਮੌਕੇ ਸਿੱਧੂ ਨਾਲ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ, ਕਾਂਗਰਸ ਦੇ ਹਲਕਾ ਇੰਚਾਰਜ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ, ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਜਨਰਲ ਸਕੱਤਰ ਆਕਾਸ਼ਦੀਪ ਸਿੰਘ ਮਜੀਠੀਆ, ਬਚਿੱਤਰ ਸਿੰਘ ਢਿੰਗ ਨੰਗਲ, ਕੌਂਸਲਰ ਨਵਦੀਪ ਸਿੰਘ ਸੋਨਾ, ਜੈਪਾਲ ਮਹਾਜਨ, ਨੀਰਜ ਸ਼ਰਮਾ, ਨਿਰਮਲ ਸਿੰਘ ਨਿੰਮਾ ਤੇ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।
ਮਾਂ ਨੇ ਨਸ਼ੇੜੀ ਪੁੱਤਰ ਲਈ ਸਵੈਇੱਛੁਕ ਮੌਤ ਮੰਗੀ
ਲੁਧਿਆਣਾ (ਗਗਨਦੀਪ ਅਰੋੜਾ): ਪੰਜਾਬ ਵਿੱਚ ਨਸ਼ੇ ਨੂੰ ਖ਼ਤਮ ਕਰਨ ਲਈ ਭਾਵੇਂ ਮੌਜੂਦਾ ਸਰਕਾਰ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪਰ ਜ਼ਮੀਨੀ ਹਕੀਕਤ ਇਸ ਤੋਂ ਉਲਟ ਹੈ। ਲੁਧਿਆਣਾ ਵਿੱਚ ਅਜਿਹਾ ਮਾਮਲੇ ਦੇਖਣ ਨੂੰ ਮਿਲਿਆ, ਜਿਥੇ ਇੱਕ ਔਰਤ ਨੇ ‘ਆਪ’ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਅਪੀਲ ਕੀਤੀ ਕਿ ਉਹ ਉਸ ਦੇ ਪੁੱਤ ਲਈ ਰਾਸ਼ਟਰਪਤੀ ਤੋਂ ਸਵੈਇਛੁੱਕ ਮੌਤ ਦੀ ਮਨਜ਼ੂਰੀ ਲੈ ਕੇ ਦੇਣ। ਇਸ ਤੋਂ ਬਾਅਦ ਵਿਧਾਇਕ ਨੇ ਉਸ ਦੇ ਲੜਕੇ ਨੂੰ ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ’ਚ ਭਰਤੀ ਕਰਵਾ ਦਿੱਤਾ ਹੈ। ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਦੱਸਿਆ ਕਿ ਔਰਤ ਉਨ੍ਹਾਂ ਦੇ ਦਫ਼ਤਰ ਵਿੱਚ ਵੀ ਆਈ ਸੀ, ਜਿਸ ਨੇ ਦੱਸਿਆ ਕਿ ਉਸ ਦਾ ਲੜਕਾ ਨਸ਼ੇ ਦਾ ਆਦੀ ਹੈ। ਉਹ ਕੋਈ ਕੰਮ ਨਹੀਂ ਕਰਦਾ ਤੇ ਨਸ਼ੇ ਦੀ ਪੂਰਤੀ ਲਈ ਘਰ ਦਾ ਸਾਮਾਨ ਵੇਚ ਰਿਹਾ ਹੈ। ਔਰਤ ਨੇ ਦੱਸਿਆ ਕਿ ਨਸ਼ੇ ਤੋਂ ਛੁਟਕਾਰਾ ਪਾਉਣ ਲਈ ਪੁੱਤ ਦਾ ਵਿਆਹ ਕੀਤਾ ਸੀ ਪਰ ਹੁਣ ਉਸ ਦੀ ਨੂੰਹ ਵੀ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜਬੂਰ ਹੈ। ਔਰਤ ਨੇ ਦੱਸਿਆ ਕਿ ਉਸ ਦੇ ਪੁੱਤਰ ਨੇ ਨਸ਼ੇ ਲਈ ਗੈਸ ਸਿਲੰਡਰ ਅਤੇ ਟੂਟੀਆਂ ਵੀ ਵੇਚ ਦਿੱਤੀਆਂ ਹਨ। ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਦੱਸਿਆ ਕਿ ਰਵਾਇਤੀ ਪਾਰਟੀਆਂ ਨੇ ਆਪਣੇ ਨਿੱਜੀ ਫਾਇਦੇ ਲਈ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰ ਦਿੱਤਾ ਹੈ।