ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 28 ਅਕਤੂਬਰ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਰਾਜਨੀਤਕ ਪਾਰਟੀਆਂ ਨੂੰ ਕਿਸਾਨਾਂ ਦੇ ਅੰਦੋਲਨ ’ਤੇ ਰੋਟੀਆਂ ਸੇਕਣੀਆ ਬੰਦ ਕਰਨੀਆਂ ਚਾਹੀਦੀਆਂ। ਇੱਥੋਂ ਨੇੜਲੇ ਪਿੰਡ ਵੈਰੋਵਾਲ ਦਾਰਾਪੁਰ ਵਿੱਚ ਪਾਰਟੀ ਦੀ ਕਾਨਫਰੰਸ ਮੌਕੇ ਪਾਸਲਾ ਨੇ ਕਿਹਾ ਕਿ ਮੋਦੀ ਸਰਕਾਰ ਖੇਤੀ ਵਿਰੋਧੀ ਕਾਲੇ ਕਾਨੂੰਨ ਲਿਆ ਕੇ ਦੇਸ਼ ਦੇ ਅਮੀਰ ਕਾਰਪੋਰੇਟ ਘਰਾਣਿਆਂ ਨੂੰ ਮੁਨਾਫਾ ਦੇਣ ਲਈ ਪੂਰਾ ਜ਼ੋਰ ਲਾ ਰਹੀ ਹੈ। ਕਾਨਫਰੰਸ ਦੀ ਪ੍ਰਧਾਨਗੀ ਜਸਬੀਰ ਸਿੰਘ ਵੈਰੋਵਾਲ ਅਜੀਤ ਸਿੰਘ ਢੋਟਾ, ਸੁਲੱਖਣ ਸਿੰਘ ਤੁੜ, ਮਨਜੀਤ ਸਿੰਘ ਸੱਕਿਆਵਾਲੀ ਨੇ ਕੀਤੀ। ਪਾਸਲਾ ਨੇ ਇਹ ਵੀ ਕਿਹਾ ਕਿ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਣ ਨਾਲ ਆਮ ਲੋਕਾ ’ਤੇ ਤਸ਼ੱਦਦ ਵਧੇਗਾ। ਉਨ੍ਹਾਂ ਕਿਹਾ ਕਿ ਪੰਜਾਬ ਬਚਾਓ ਸੰਯੁਕਤ ਮੋਰਚੇ ਵੱਲੋਂ ਨਵੰਬਰ ਮਹੀਨੇ ਲੁਧਿਆਣਾ ਵਿੱਚ ਲੱਖਾਂ ਕਿਰਤੀਆਂ ਦਾ ਇਕੱਠ ਕੀਤਾ ਜਾਵੇਗਾ। ਉਨ੍ਹਾਂ ਮਜ਼ਦੂਰਾਂ ਕਿਸਾਨਾਂ ਤੇ ਮਿਹਨਤਕਸ਼ ਲੋਕਾਂ ਨੂੰ ਪਹੁੰਚਣ ਦਾ ਸੱਦਾ ਦਿੱਤਾ। ਜਮਹੂਰੀ ਕਿਸਾਨ ਸਭਾ ਦੇ ਸੂਬਾਈ ਪ੍ਰੈੱਸ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਕਿਸਾਨ ਮਜ਼ਦੂਰ ਏਕਤਾ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਹਰਾ ਦੇਵੇਗੀ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲ੍ਹਾ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭੈਲ ਆਦਿ ਹਾਜ਼ਰ ਸਨ।