ਚੰਡੀਗੜ੍ਹ (ਟਨਸ): ਪੰਜਾਬ ਵਜ਼ਾਰਤ ’ਚ ਫੇਰਬਦਲ ਆਜ਼ਾਦੀ ਦਿਹਾੜੇ ਮਗਰੋਂ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਚੰਡੀਗੜ੍ਹ ਆਉਣਗੇ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੰਗਲਵਾਰ ਨੂੰ ਹਰੀਸ਼ ਰਾਵਤ ਦੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਦਰਮਿਆਨ ਤਾਲਮੇਲ ਬਿਠਾਉਣ ਦੀ ਡਿਊਟੀ ਲਾਈ ਹੈ। ਸੂਤਰਾਂ ਮੁਤਾਬਕ ਆਉਂਦੇ ਸੋਮਵਾਰ ਨੂੰ ਹਰੀਸ਼ ਰਾਵਤ ਚੰਡੀਗੜ੍ਹ ਆ ਸਕਦੇ ਹਨ। ਮੁੱਖ ਮੰਤਰੀ ਨੇ ਸੋਨੀਆ ਗਾਂਧੀ ਨਾਲ ਮਿਲਣੀ ਦੌਰਾਨ ਨਵਜੋਤ ਸਿੱਧੂ ਵੱਲੋਂ ਪੰਜਾਬ ਸਰਕਾਰ ’ਤੇ ਕੀਤੇ ਹਮਲਿਆਂ ਤੋਂ ਜਾਣੂ ਕਰਾਇਆ ਹੈ ਜਿਸ ਨੂੰ ਲੈ ਕੇ ਹਰੀਸ਼ ਰਾਵਤ ਉਚੇਚੇ ਤੌਰ ’ਤੇ ਨਵਜੋਤ ਸਿੱਧੂ ਨੂੰ ਮਿਲਣ ਆ ਰਹੇ ਹਨ।