ਆਤਿਸ਼ ਗੁਪਤਾ
ਚੰਡੀਗੜ੍ਹ, 29 ਅਗਸਤ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਕਥਿਤ ਘੁਟਾਲੇ ਦੀ ਜਾਂਚ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਦੋਸ਼ੀ ਮਿਲਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਅਹੁਦੇ ’ਤੇ ਬੈਠੇ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਸਕਾਲਰਸ਼ਿਪ ਮਾਮਲੇ ਦੀ ਨਿਰਪੱਖ ਪੜਤਾਲ ਅਤੇ ਪੂਰਨ ਜਾਂਚ ਤੋਂ ਬਿਨਾਂ ਕਿਸੇ ਨੂੰ ਵੀ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ, ਜਿਸ ਕਾਰਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੀ ਹਾਲੇ ਦੋਸ਼ੀ ਨਹੀਂ ਆਖਿਆ ਜਾ ਸਕਦਾ। ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ’ਤੇ ਵਰ੍ਹਦਿਆਂ ਕਿਹਾ ਕਿ ਉਹ ਸ਼ਰਾਰਤੀ ਪਾਰਟੀ ਵਾਂਗ ਵਿਵਹਾਰ ਕਰਦੀ ਹੋਈ ਇਸ ਮਾਮਲੇ ਵਿੱਚ ਬਿਨਾਂ ਪੂਰਨ ਜਾਂਚ ਦੇ ਸਾਧੂ ਸਿੰਘ ਧਰਮਸੋਤ ’ਤੇ ਦੋਸ਼ ਲਾਉਂਦੀ ਹੋਈ ਰੌਲਾ ਪਾ ਰਹੀ ਹੈ। ਉਨ੍ਹਾਂ ‘ਆਪ’ ਅਤੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਕੀਤੀ ਮੰਗ ਨੂੰ ਪੂਰੀ ਤਰ੍ਹਾਂ ਅਣਅਧਿਕਾਰਤ ਕਰਾਰ ਦਿੱਤਾ।