ਜੋਗਿੰਦਰ ਸਿੰਘ ਮਾਨ
ਮਾਨਸਾ, 4 ਜੁਲਾਈ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਬੰਦ ਹੋਏ ਤਿੰਨ ਯੂਨਿਟਾਂ ਵਿੱਚੋਂ ਇੱਕ ਨੇ ਉਤਪਾਦਨ ਸ਼ੁਰੂ ਕਰ ਦਿੱਤਾ ਹੈ ਅਤੇ ਬਾਕੀ 2 ਯੂਨਿਟ ਵੀ ਇੱਕ ਦਿਨ ਦੇ ਅੰਦਰ-ਅੰਦਰ ਚਾਲੂ ਹੋ ਜਾਣਗੇ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਅਜਿਹੀਆਂ ਤਕਨੀਕੀ ਸਮੱਸਿਆਵਾਂ ਦੇ ਬਾਵਜੂਦ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਕੋਈ ਘਾਟ ਨਹੀਂ ਆਉਣ ਦੇਵੇਗੀ। ਬਿਜਲੀ ਮੰਤਰੀ ਨੇ ਅੱਜ ਪੀਐੱਸਪੀਸੀਐੱਲ ਦੇ ਚੇਅਰਮੈਨ ਬਲਦੇਵ ਸਿੰਘ ਸਰਾ, ਡਾਇਰੈਕਟਰ ਜਨਰੇਸ਼ਨ ਪਰਮਜੀਤ ਸਿੰਘ ਅਤੇ ਵਿਧਾਇਕ ਬਣਾਂਵਾਲੀ ਗੁਰਪ੍ਰੀਤ ਸਿੰਘ ਨਾਲ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਉਨ੍ਹਾਂ ਦੱਸਿਆ ਕਿ ਥਰਮਲ ਪਲਾਂਟ ਦਾ ਯੂਨਿਟ ਨੰਬਰ 3 ਚਾਲੂ ਹੋ ਗਿਆ ਹੈ ਅਤੇ 600 ਮੈਗਾਵਾਟ ਬਿਜਲੀ ਪੈਦਾ ਕਰ ਰਿਹਾ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਥਰਮਲ ਪਲਾਂਟ ਦੇ ਯੂਨਿਟ ਨੰਬਰ 1 ਅਤੇ 2 ਨੂੰ ਬੁੱਧਵਾਰ ਦੁਪਹਿਰ ਤੱਕ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਪ੍ਰਸ਼ਾਸਨ ਨੂੰ ਕਿਹਾ ਗਿਆ ਸੀ ਕਿ ਥਰਮਲ ਪਲਾਂਟ ਦੀ ਮੁਰੰਮਤ ਜਾਂ ਰੱਖ-ਰਖਾਅ ਸਬੰਧੀ ਕੰਮ ਸਰਦੀਆਂ ਦੇ ਮੌਸਮ ਦੌਰਾਨ ਕੀਤੇ ਜਾਣ, ਪਰ ਉਨ੍ਹਾਂ ਵੱਲੋਂ ਕੋਈ ਅਣਗਹਿਲੀ ਕਾਰਨ ਇਹ ਸਮੱਸਿਆ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਭਵਿੱਖ ਵਿੱਚ ਇਸ ਮਾਮਲੇ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ ਹੈ।
ਉਨ੍ਹਾਂ ਕਿਹਾ ਕਿ ਅਜਿਹੀ ਕਿਸੇ ਵੀ ਤਕਨੀਕੀ ਸਮੱਸਿਆ ਨਾਲ ਨਜਿੱਠਣ ਲਈ ਵਿਭਾਗ ਵੱਲੋਂ ਪਹਿਲਾਂ ਹੀ ਬਿਜਲੀ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਬੰਧਾਂ ਸਦਕਾ ਹੀ ਇਸ ਸਾਲ 15325 ਮੈਗਾਵਾਟ ਬਿਜਲੀ ਦੀ ਰਿਕਾਰਡ ਸਭ ਤੋਂ ਵੱਧ ਮੰਗ ਨੂੰ ਵੀ ਪੂਰਾ ਕੀਤਾ ਗਿਆ।