ਰਵੇਲ ਸਿੰਘ ਭਿੰਡਰ
ਪਟਿਆਲਾ, 24 ਮਈ
ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ ਦੇ ਫ਼ੈਸਲੇ ਅਨੁਸਾਰ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਜ਼ ਯੂਨੀਅਨ, ਪੀਐੱਸਈਬੀ ਐਂਪਲਾਈਜ਼ ਫੈਡਰੇਸ਼ਨ, ਮਨਿਸਟੀਰੀਅਲ ਸਰਵਿਸਜ਼ ਯੂਨੀਅਨ, ਐਂਪਲਾਈਜ਼ ਫੈਡਰੇਸ਼ਨ (ਫਲਜੀਤ), ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਹੈੱਡ ਆਫਿਸ ਐਂਪਲਾਈਜ਼ ਫੈਡਰੇਸ਼ਨ, ਵਰਕਰਜ਼ ਫੈਡਰੇਸ਼ਨ (ਇੰਟਕ) ਪਾਵਰਕੌਮ ਟਰਾਂਸਕੋ, ਥਰਮਲਜ਼ ਐਂਪਲਾਈਜ਼ ਕੋਆਰਡੀਨੇਸ਼ਨ ਕਮੇਟੀ ਤੇ ਪੰਜਾਬ ਰਾਜ ਬਿਜਲੀ ਬੋਰਡ ਮਜ਼ਦੂਰ ਸੰਘ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 26 ਮਈ ਨੂੰ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਉਹ ਘਰਾਂ ਤੇ ਵਾਹਨਾਂ ’ਤੇ ਕਾਲੇ ਝੰਡੇ ਲਾ ਕੇ ਸਾਂਝੇ ਰੋਸ ਪ੍ਰਦਰਸ਼ਨਾਂ ’ਚ ਵੀ ਸ਼ਾਮਲ ਹੋਣਗੇ। ਬਿਜਲੀ ਮੁਲਾਜ਼ਮਾਂ ਨੇ ਇਹ ਫ਼ੈਸਲਾ ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ ਦੀ ਵਰਚੁਅਲ ਮੀਟਿੰਗ ਦੌਰਾਨ ਕੀਤਾ। ਜੁਆਇੰਟ ਫੋਰਮ ਦੇ ਸੂਬਾਈ ਆਗੂਆਂ ਕਰਮਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਕੌਰ ਸਿੰਘ ਸੋਹੀ, ਤੇ ਹੋਰਾਂ ਨੇ ਕੇਂਦਰ ਸਰਕਾਰ ਦੀਆਂ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਿੱਲੀ ਦੀਆ ਬਰੂਹਾਂ ’ਤੇ ਲੱਗੇ ਮੋਰਚਿਆਂ ਨੂੰ ਅਣਗੌਲਿਆਂ ਕਰਕੇ ਖ਼ਤਮ ਕਰਨਾ ਚਾਹੁੰਦੀ ਹੈ ਪਰ ਸਰਕਾਰ ਗਲਤ ਫਹਿਮੀ ਵਿੱਚ ਹੈ। ਉਨ੍ਹਾਂ ਕਿਹਾ ਕਿਸਾਨ ਤੇ ਮਜ਼ਦੂਰ ਇਹ ਸੰਘਰਸ਼ ਜ਼ਰੂਰ ਜਿੱਤਣਗੇ।
ਉਨ੍ਹਾਂ ਕਿਹਾ ਕਿ ਸਰਕਾਰ ਬਿਜਲੀ ਸੋਧ ਬਿੱਲ 2020 ਰਾਹੀਂ ਸੂਬਿਆਂ ਦੇ ਅਧਿਕਾਰ ਖੋਹ ਕੇ ਬਿਜਲੀ ਕਾਰਪੋਰੇਸ਼ਨਾਂ ਤੇ ਬੋਰਡਾਂ ਦਾ ਨਿੱਜੀਕਰਨ ਕਰਨਾ ਚਾਹੁੰਦੀ ਹੈ।
‘ਵਰਕ ਟੂ ਰੂਲ’ ਤਹਿਤ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਸਕੱਤਰ ਕਰਮਚੰਦ ਭਾਰਦਵਾਜ ਨੇ ਦੱਸਿਆ ਕਿ ਬਿਜਲੀ ਕਾਮੇ ਆਪਣੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਅੱਜ 24 ਮਈ ਤੋਂ ਪਾਵਰ ਮੈਨੇਜਮੈਂਟ ਦੇ ਡਾਇਰੈਕਟਰਜ਼ ਨੂੰ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਗਟਾਉਣਗੇ ਅਤੇ ‘ਵਰਕ ਟੂ ਰੂਲ’ ਤਹਿਤ ਸੰਘਰਸ਼ ਜਾਰੀ ਰੱਖਣਗੇ।