ਗੁਰਨਾਮ ਸਿੰਘ ਅਕੀਦਾ
ਪਟਿਆਲਾ, 11 ਜੁਲਾਈ
ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐੱਸਸੀ) ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਅੱਜ ਇੱਥੇ ਕਿਹਾ ਕਿ ਕਦੇ ਵੀ ਪੀਪੀਐੱਸਸੀ ਦਾ ਪੇਪਰ ਲੀਕ ਨਹੀਂ ਹੋ ਸਕਦਾ ਕਿਉਂਕਿ ਇਸ ਦੀ ਪ੍ਰਕਿਰਿਆ ਬਹੁਤ ਸਖ਼ਤ ਹੈ। ਇਹ ਸਪੱਸ਼ਟੀਕਰਨ ਉਨ੍ਹਾਂ ਨੂੰ ਅੱਜ ਇਸ ਲਈ ਦੇਣਾ ਪਿਆ ਕਿਉਂਕਿ ਕਿਸੇ ਨੇ ਪੀਪੀਐੱਸਸੀ ਸਬੰਧੀ ਵੀਡੀਓ ਪਾ ਕੇ ਪੇਪਰ ਲੀਕ ਹੋਣ ਬਾਰੇ ਸਨਸਨੀ ਫੈਲਾ ਦਿੱਤੀ ਸੀ। ਉਨ੍ਹਾਂ ਕਿਹਾ ਹੈ ਕਿ ਕਮਿਸ਼ਨ ਸਾਰੀ ਭਰਤੀ ਪ੍ਰਕਿਰਿਆ ਪੂਰੀ ਨਿਰਪੱਖਤਾ, ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 30 ਜੂਨ ਨੂੰ ਖੇਤੀ ਵਿਕਾਸ ਅਫ਼ਸਰਾਂ ਦੀ ਭਰਤੀ ਸਬੰਧੀ ਲਈ ਗਈ ਪ੍ਰੀਖਿਆ ਵਿੱਚ ਪੇਪਰ ਲੀਕ ਦਾ ਪਿਆ ਰੌਲਾ ਬੇਬੁਨਿਆਦ ਅਤੇ ਝੂਠ ਦਾ ਪੁਲੰਦਾ ਹੈ। ਚੇਅਰਮੈਨ ਨੇ ਦੱਸਿਆ ਕਿ ਚੰਡੀਗੜ੍ਹ ਨਾਲ ਸਬੰਧਤ ਇੱਕ ਵਿਦਿਅਕ ਕੋਚ ਨੇ ਯੂ-ਟਿਊਬ ਚੈਨਲ ’ਤੇ ਵੀਡੀਓ ਪੋਸਟ ਕਰਕੇ, ਬਿਨਾਂ ਕਿਸੇ ਸਬੂਤ ਦੇ ਇਮਤਿਹਾਨ ਦਾ ਪੇਪਰ ਪਹਿਲਾਂ ਹੀ ਲੀਕ ਹੋਣ ਦਾ ਦੋਸ਼ ਲਗਾਇਆ ਸੀ। ਮੀਡੀਆ ਦੇ ਕੁਝ ਹੋਰ ਹਿੱਸੇ ਵਿੱਚ ਵੀ ਪੇਪਰ ਲਈ ਕਿਸੇ ਤਰ੍ਹਾਂ ਦੀ ਰਿਸ਼ਵਤਖ਼ੋਰੀ ਦਾ ਦਾਅਵਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਮਿਸ਼ਨ ਅਜਿਹੇ ਦਾਅਵਿਆਂ ਅਤੇ ਦੋਸ਼ਾਂ ਨੂੰ ਸਿਰੇ ਤੋਂ ਖ਼ਾਰਜ ਕਰਦਾ ਹੈ ਅਤੇ ਸਪੱਸ਼ਟ ਕਰਦਾ ਹੈ ਕਿ ਕਮਿਸ਼ਨ ਵੱਲੋਂ ਲਏ ਜਾਂਦੇ ਭਰਤੀ ਇਮਤਿਹਾਨਾਂ ਵਿੱਚ ਕਿਸੇ ਵੀ ਸਰਕਾਰੀ ਵਿਭਾਗ ਦੀ ਕੋਈ ਦਖ਼ਲਅੰਦਾਜ਼ੀ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਸਬੰਧਤ ਦੋਸ਼ਾਂ ਵਿੱਚ ਰਾਜ ਦੇ ਖੇਤੀ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਵੱਲੋਂ ਇਸ ਵਿੱਚ ਸ਼ਾਮਲ ਹੋਣ ਬਾਰੇ ਕਿਹਾ ਗਿਆ ਹੈ ਪਰ ਪ੍ਰੀਖਿਆ ਪ੍ਰਕਿਰਿਆ ਵਿੱਚ ਵਿਭਾਗ ਦਾ ਕੋਈ ਵੀ ਅਧਿਕਾਰੀ ਸ਼ਾਮਲ ਨਹੀਂ ਸੀ। ਸ੍ਰੀ ਔਲਖ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਕੀਤੀ ਗਈ ਜਾਂਚ ਵਿੱਚ ਇਹ ਸਪੱਸ਼ਟ ਹੈ ਕਿ ਵੀਡੀਓਗ੍ਰਾਫਿਕ ਅਤੇ ਲਿਖਤੀ ਰਿਕਾਰਡਾਂ ਸਣੇ ਵਿਆਪਕ ਤਸਦੀਕ ਇਸ ਗੱਲ ਦੀ ਪੁਸ਼ਟੀ ਕਰਦੀ ਹੈ ਕਿ ਇਮਤਿਹਾਨ ਦੀ ਪ੍ਰਕਿਰਿਆ ਨਿਰਪੱਖ ਅਤੇ ਸੁਰੱਖਿਅਤ ਸੀ। ਉਨ੍ਹਾਂ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਇਹ ਬੇਬੁਨਿਆਦ ਦੋਸ਼ ਇਸ ਸੰਵਿਧਾਨਕ ਸੰਸਥਾ ਦੀ ਸਾਖ ਨੂੰ ਖ਼ਰਾਬ ਕਰਨ ਦੇ ਇਰਾਦੇ ਨਾਲ ਲਗਾਏ ਗਏ ਸਨ। ਉਨ੍ਹਾਂ ਵੀਡੀਓ ਪਾਉਣ ਵਾਲੇ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕਮਿਸ਼ਨ ਦੇ ਸਕੱਤਰ ਪ੍ਰੀਖਿਆਵਾਂ ਦੇਵਦਰਸ਼ਦੀਪ ਸਿੰਘ ਵੀ ਮੌਜੂਦ ਸਨ।