ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 17 ਜੁਲਾਈ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼-11 (ਮੁਹਾਲੀ) ਵਿੱਚ ਤਾਇਨਾਤ ਪ੍ਰਿੰਸੀਪਲ ਪਰਮਜੀਤ ਕੌਰ ਨੂੰ ਜਾਅਲੀ ਡਿਗਰੀ ਦੇ ਆਧਾਰ ’ਤੇ ਸਰਕਾਰੀ ਨੌਕਰੀ ਲੈਣ ਅਤੇ ਤਰੱਕੀ ਹਾਸਲ ਕਰਨ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕੀਤਾ ਹੈ। ਕਾਫ਼ੀ ਸਮੇਂ ਤੋਂ ਵੱਖ-ਵੱਖ ਜਥੇਬੰਦੀਆਂ ਵੱਲੋਂ ਇਹ ਮੁੱਦਾ ਚੁੱਕਿਆ ਜਾ ਰਿਹਾ ਸੀ ਪਰ ਮਹਿਲਾ ਪ੍ਰਿੰਸੀਪਲ ਰਸੂਖਵਾਨ ਹੋਣ ਕਾਰਨ ਕਾਨੂੰਨੀ ਕਾਰਵਾਈ ਤੋਂ ਬਚਦੀ ਆ ਰਹੀ ਸੀ ਪਰ ਅੱਜ ਵਿਜੀਲੈਂਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਰਮਜੀਤ ਕੌਰ ਨੇ ਬਿਹਾਰ ਦੀ ਮਗਧ ਯੂਨੀਵਰਸਿਟੀ ਵੱਲੋਂ ਜਾਰੀ ਐਮ.ਕਾਮ ਦੀ ਡਿਗਰੀ ਦੇ ਆਧਾਰ ਉੱਤੇ ਸਰਕਾਰੀ ਨੌਕਰੀ ਹਾਸਲ ਕੀਤੀ ਸੀ। ਡਿਗਰੀ ਦੀ ਤਸਦੀਕ ਨਾ ਹੋਣ ਮਗਰੋਂ ਉਸ ਖ਼ਿਲਾਫ਼ ਪੜਤਾਲ ਕੀਤੀ ਗਈ ਜਿਸ ਵਿਚ ਡਿਗਰੀ ਦੇ ਫ਼ਰਜ਼ੀ ਹੋਣ ਬਾਰੇ ਪਤਾ ਲੱਗਿਆ।