ਚੰਡੀਗੜ੍ਹ, 17 ਫਰਵਰੀ
ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਨੇ ਪਠਾਨਕੋਟ ਵਿੱਚ ਅੱਜ ‘ਨਵੀਂ ਸੋਚ ਨਵਾਂ ਪੰਜਾਬ’ ਰੈਲੀ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਵੱਡੇ ਮੀਆਂ’ ਤੇ ਅਰਵਿੰਦ ਕੇਜਰੀਵਾਲ ਨੂੰ ‘ਛੋਟੇ ਮੀਆਂ’ ਦੱਸਿਆ। ਸ੍ਰੀਮਤੀ ਗਾਂਧੀ ਨੇ ਕਿਹਾ ਕਿ ਦੋਹਾਂ ਆਗੂਆਂ ਦਾ ਪ੍ਰਸ਼ਾਸਨ ਸਿਰਫ ਇਸ਼ਤਿਹਾਰਾਂ ਵਿੱਚ ਹੀ ਨਜ਼ਰ ਆਉਂਦਾ ਹੈ। ਉਨ੍ਹਾਂ ਨੇ ਭਾਜਪਾ ਤੇ ਆਮ ਆਦਮੀ ਪਾਰਟੀ ’ਤੇ ਸਿਆਸੀ ਲਾਹਾ ਲੈਣ ਲਈ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵਰਤਣ ਦਾ ਦੋਸ਼ ਵੀ ਲਗਾਇਆ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੇਸ਼ ਵਿੱਚ ਕੋਈ ਪ੍ਰਸ਼ਾਸਨ ਨਹੀਂ ਹੈ ਤੇ ਜੇਕਰ ਪ੍ਰਸ਼ਾਸਨ ਹੁੰਦਾ ਤਾਂ ਲੋਕਾਂ ਨੂੰ ਰੁਜ਼ਗਾਰ ਮਿਲਣਾ ਸੀ ਤੇ ਮਹਿੰਗਾਈ ਵੀ ਘੱਟ ਹੋਣੀ ਸੀ। ਇਸ ਮਗਰੋਂ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੀ ਗਰੀਬ ਜਨਤਾ, ਛੋਟੇ ਵਪਾਰੀ ਤੇ ਸਨਅਤਕਾਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਤੇ ਸਰਕਾਰ ਨੇ 2 ਹਜ਼ਾਰ ਕਰੋੜ ਰੁਪਏ ਸਿਰਫ ਇਸ਼ਤਿਹਾਰਾਂ ’ਤੇ ਹੀ ਖਰਚ ਦਿੱਤੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਤੇ ‘ਆਪ’ ਵੱਲੋਂ ਦੇਸ਼ ਤੇ ਰਾਜਧਾਨੀ ਦਾ ਕੋਈ ਵਿਕਾਸ ਨਹੀਂ ਕੀਤਾ ਜਾ ਰਿਹਾ। -ਪੀਟੀਆਈ