ਜੋਗਿੰਦਰ ਸਿੰਘ ਮਾਨ/ਐੱਨਪੀ ਸਿੰਘ
ਮਾਨਸਾ/ਬੁਢਲਾਡਾ, 27 ਅਕਤੂਬਰ
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਸ਼ਾਮਲ ਜਿਹੜੇ ਦੋਸ਼ੀ ਵਿਦੇਸ਼ਾਂ ਵਿੱਚ ਬੈਠੇ ਹਨ, ਉਨ੍ਹਾਂ ਦੀ ਪੁਲੀਸ ਵੱਲੋਂ ਬਾਕਾਇਦਾ ਸ਼ਨਾਖ਼ਤ ਕਰ ਲਈ ਗਈ ਹੈ ਤੇ ਉਨ੍ਹਾਂ ਨੂੰ ਪੰਜਾਬ ਲਿਆਉਣ ਦੀ ਕਾਰਵਾਈ ਵੀ ਆਰੰਭ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਬਾਕਾਇਦਾ ਉਕਤ ਗੈਂਗਸਟਰਾਂ ਵਿਰੁੱਧ ਕਾਰਵਾਈ ਕਰਨ ਲਈ ਇੱਕ ਪੱਤਰ ਲਿਖਿਆ ਸੀ, ਜਿਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਨਿੱਜੀ ਤੌਰ ’ਤੇ ਗ੍ਰਹਿ ਵਿਭਾਗ ਨਾਲ ਰਾਬਤਾ ਕਾਇਮ ਕਰ ਕੇ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੇ ਪੁਲੀਸ ਮੁਖੀ ਵੱਲੋਂ ਮੂਸੇਵਾਲਾ ਦੇ ਪਰਿਵਾਰ ਨੂੰ ਨਿੱਜੀ ਤੌਰ ’ਤੇ ਮਿਲ ਕੇ ਇਨਸਾਫ਼ ਦਿਵਾਉਣ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਉਹ ਅੱਜ ਮਾਨਸਾ ਜ਼ਿਲ੍ਹੇ ਦੇ ਰੌਇਲ ਕਾਲਜ ਬੋੜਾਵਾਲ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਮੌਤ ਪੰਜਾਬ ਲਈ ਨਹੀਂ, ਬਲਕਿ ਪੂਰੇ ਦੇਸ਼ ਲਈ ਇੱਕ ਦੁਖਦਾਈ ਘਟਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਕਤਲ ਲਈ ਜ਼ਿੰਮੇਵਾਰ ਹਰ ਸ਼ਖ਼ਸ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਸਾਰੇ ਕਾਤਲ ਪੁਲੀਸ ਦੀ ਗ੍ਰਿਫ਼ਤ ਵਿੱਚ ਹਨ ਅਤੇ ਉਨ੍ਹਾਂ ਲਈ ਬਕਾਇਦਾ ਚਾਰਜਸ਼ੀਟ ਪੇਸ਼ ਕਰਕੇ ਅਦਾਲਤੀ ਪ੍ਰਕਿਰਿਆ ਆਰੰਭ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਦੇਸ਼ਾਂ ਵਿੱਚ ਸਿੱਧੇ ਤੇ ਅਸਿੱਧੇ ਰੂਪ ਵਿੱਚ ਗੈਂਗਸਟਰਾਂ ਦੀ ਮਦਦ ਕਰਨ ਵਜੋਂ ਬੈਠੇ ਹਨ, ਪੰਜਾਬ ਦੀ ਪੁਲੀਸ ਉਨ੍ਹਾਂ ਤੱਕ ਵੀ ਪੁੱਜ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਕਤਲ ਮਾਮਲੇ ਵਿਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਚੋਣਾਂ ਵਿੱਚ ਪੰਜਾਬ ਦਾ ਪੈਸਾ ਖਰਚ ਕਰਨ ਬਾਰੇ ਦਿੱਤੇ ਬਿਆਨ ਸਬੰਧੀ ਪੁੱਛੇ ਗਏ ਇੱਕ ਸਵਾਲ ਬਾਰੇ ਅਮਨ ਅਰੋੜਾ ਨੇ ਕਿਹਾ ਕਿ ਜਿਨ੍ਹਾਂ ਨੂੰ ਲੋਕਾਂ ਨੇ ਨਕਾਰ ਦਿੱਤਾ ਹੈ, ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦੇਣਾ ਵੈਸੇ ਵੀ ਸ਼ੋਭਾ ਨਹੀਂ ਦਿੰਦਾ ਹੈ। ਉਨ੍ਹਾਂ ਮੀਡੀਆ ਕਰਮੀਆਂ ਨੂੰ ਕਿਹਾ ਕਿ ਉਹ ਅਜਿਹੇ ਲੋਕਾਂ ਦੇ ਸਵਾਲਾਂ ਦੇ ਜਵਾਬ ਮੰਗਣ ਦੀ ਥਾਂ ਲੋਕਾਂ ਦੇ ਮੁੱਦਿਆਂ ਦੀ ਗੱਲ ਕਰਿਆ ਕਰਨ।