ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 29 ਦਸੰਬਰ
ਸਿੱਖ ਬੰਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ ਦਾ ਅਮਰੀਕਾ ਵਿੱਚ ਬੀਤੀ ਦੇਰ ਰਾਤ ਦੇਹਾਂਤ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਦੱਸਿਆ ਕਿ ਮਾਤਾ ਉਪਕਾਰ ਕੌਰ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ। ਉਹ ਅਮਰੀਕਾ ਵਿਚ ਆਪਣੇ ਪੁੱਤਰ ਤੇਜਿੰਦਰਪਾਲ ਸਿੰਘ ਭੁੱਲਰ ਕੋਲ ਰਹਿ ਰਹੇ ਸਨ। ਬੀਤੀ ਦੇਰ ਰਾਤ ਉਨ੍ਹਾਂ ਦੀ ਹਸਪਤਾਲ ਵਿਚ ਮੌਤ ਹੋ ਗਈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਮੇਤ ਹੋਰ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।