ਦਵਿੰਦਰ ਪਾਲ
ਚੰਡੀਗੜ੍ਹ, 5 ਸਤੰਬਰ
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸੂਬੇ ਵਿੱਚ ਕਈ ਥਾਈਂ ਰੋੋਸ ਪ੍ਰਦਰਸ਼ਨ ਕੀਤੇ। ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਅੱਜ ਵੱਡੀ ਗਿਣਤੀ ਕਿਸਾਨਾਂ ਤੇ ਨੌਜਵਾਨਾਂ ਨੇ ਸੂਬੇ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅਤੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪੇ।
ਇਸ ਮੌਕੇ ਕਿਸਾਨ ਜਥੇਬੰਦੀਆਂ ਨੇ ਇੱਕ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਅੱਜ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਕਿਸਾਨਾਂ ਵੱਲੋਂ ਧਰਨੇ ਦਿੱਤੇ ਗਏ ਹਨ। ਇਨ੍ਹਾਂ ਧਰਨਿਆਂ ਰਾਹੀਂ ਦੁਧਾਰੂ ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਦੀ ਬਿਮਾਰੀ ਨੂੰ ਮਹਾਮਾਰੀ ਐਲਾਨਣ, ਇਸ ਬਿਮਾਰੀ ਕਾਰਨ ਮਰੇ ਪਸ਼ੂਆਂ ਦੀ ਗਿਣਤੀ ਕਰਵਾ ਕੇ ਪ੍ਰਤੀ ਪਸ਼ੂ ਇੱਕ ਲੱਖ ਰੁਪਏ ਮੁਆਵਜ਼ਾ ਦੇਣ, ਬਿਮਾਰ ਪਸ਼ੂਆਂ ਦੇ ਇਲਾਜ ਲਈ ਪੰਜਾਹ ਹਜ਼ਾਰ ਰੁਪਏ ਮੁਆਵਜ਼ਾ ਦੇਣ, ਪਸ਼ੂ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਫਾਰਮਾਸਿਸਟਾਂ ਦੀ ਭਰਤੀ ਕਰ ਕੇ ਪਿੰਡ ਪੱਧਰ ਤੱਕ ਪਸ਼ੂਆਂ ਦਾ ਮੁਫ਼ਤ ਇਲਾਜ ਕਰਨ, ਮੁਰਦਾ ਪਸ਼ੂਆਂ ਨੂੰ ਦੱਬਣ ਲਈ ਪਸ਼ੂ ਪਾਲਣ ਅਤੇ ਪੰਚਾਇਤੀ ਵਿਭਾਗ ਰਾਹੀਂ ਢੁੱਕਵਾਂ ਪ੍ਰਬੰਧ ਕਰਨ ਸਣੇ ਹੜ੍ਹਾਂ, ਮਾੜੇ ਬੀਜਾਂ, ਗੜ੍ਹੇਮਾਰੀ, ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਕਾਰਨ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਮੁਆਵਜ਼ਾ ਦੇਣ, ਦੁੱਧ ਦਾ ਭਾਅ 10 ਰੁਪਏ ਪ੍ਰਤੀ ਫੈਟ ਯੂਨਿਟ ਕਰ ਕੇ ਨੋਟੀਫਿਕੇਸ਼ਨ ਜਾਰੀ ਕਰਨ, ਨਕਲੀ ਦੁੱਧ ਦੇ ਧੰਦੇ ਨੂੰ ਠੱਲ੍ਹਣ, ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਕਰਨ, ਮਿੱਲਾਂ ਵੱਲ ਖੜ੍ਹੀ ਬਕਾਇਆ ਰਕਮ ਸਣੇ ਵਿਆਜ ਕਿਸਾਨਾਂ ਨੂੰ ਅਦਾ ਕਰਨ ਅਤੇ ਦਰਿਆਵਾਂ ਵਿੱਚ ਪ੍ਰਦੂਸ਼ਿਤ ਪਾਣੀ ਪਾਉਣ ਵਾਲੀਆਂ ਸਨਅਤੀ ਇਕਾਈਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕੇ ਲੰਪੀ ਸਕਿਨ ਬਿਮਾਰੀ ਕਾਰਨ ਪਸ਼ੂ ਪਾਲਣ ਦਾ ਕਿੱਤਾ ਤਬਾਹ ਹੋ ਰਿਹਾ ਹੈ ਤੇ ਸਰਕਾਰ ਪਸ਼ੂ ਪਾਲਕ ਪਰਿਵਾਰਾਂ ਨੂੰ ਮੁੜ ਪੈਰਾਂ ’ਤੇ ਖੜ੍ਹਾ ਕਰਨ ਦੀ ਥਾਂ ਸਿਰਫ਼ ਬਿਆਨਬਾਜ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਾਲੇ ਤੱਕ ਡੈਮ ਸੇਫਟੀ ਐਕਟ ਖ਼ਿਲਾਫ਼ ਮਤਾ ਨਹੀਂ ਲਿਆਂਦਾ। ਧਰਨਿਆਂ ਦੀ ਅਗਵਾਈ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਿਰਭੈ ਸਿੰਘ ਢੁੱਡੀਕੇ, ਬੂਟਾ ਸਿੰਘ ਬੁਰਜ ਗਿੱਲ, ਡਾ. ਦਰਸ਼ਨਪਾਲ, ਹਰਮੀਤ ਸਿੰਘ ਕਾਦੀਆਂ, ਮਨਜੀਤ ਸਿੰਘ ਰਾਏ, ਸਤਨਾਮ ਸਿੰਘ ਅਜਨਾਲਾ, ਸਤਨਾਮ ਸਿੰਘ ਬਹਿਰੂ, ਰੁਲਦੂ ਸਿੰਘ ਮਾਨਸਾ, ਬਲਦੇਵ ਸਿੰਘ ਨਿਹਾਲਗੜ੍ਹ, ਮੇਜਰ ਸਿੰਘ ਪੁੰਨਾਵਾਲ, ਅਵਤਾਰ ਸਿੰਘ ਮੇਹਲੋਂ, ਬੂਟਾ ਸਿੰਘ ਸ਼ਾਦੀਪੁਰ ਨੇ ਕੀਤੀ।